ਨਵੀਂ ਦਿੱਲੀ, 25 ਜੂਨ 2025: ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਨੇ ਇਹ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪੰਜਾਬ ਪੁਲਿਸ ਅਤੇ ਵਿਜੀਲੈਂਸ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।
ਇਸ ਕਾਰਵਾਈ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, “‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾ ਕੇ ਰਹੇਗੀ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ। ਕੋਈ ਵੀ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।” ਉਨ੍ਹਾਂ ਕਿਹਾ ਕਿ ਪੁਰਾਣੀ ਸਰਕਾਰ ਦੇ ਮੰਤਰੀ ਆਪਣੀਆਂ ਗੱਡੀਆਂ ‘ਚ ਨਸ਼ਿਆਂ ਦੀ ਤਸਕਰੀ ਕਰਦੇ ਸਨ। ਉਹ ਤਸਕਰਾਂ ਨੂੰ ਆਪਣੇ ਘਰਾਂ ‘ਚ ਰੱਖਦੇ ਸਨ। ਕਿਸੇ ਵੀ ਤਸਕਰ ਅਤੇ ਇਸ ‘ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਵਿਜੀਲੈਂਸ ਟੀਮ ਸਵੇਰੇ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਅਤੇ ਪੰਜਾਬ ਭਰ ‘ਚ 25 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ, ਜਿਸ ‘ਚ ਮਜੀਠੀਆ ਨਾਲ ਜੁੜੇ ਨੌਂ ਵੱਖ-ਵੱਖ ਸਥਾਨ ਸ਼ਾਮਲ ਹਨ। ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਵਾਲੀ ਟੀਮ ਨੇ ਮੇਰੇ ਘਰ ਛਾਪਾ ਮਾਰਿਆ ਹੈ।
Read More: Big Breaking: ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਬਿਕਰਮ ਸਿੰਘ ਮਜੀਠੀਆ, ਮੋਹਾਲੀ ਲੈ ਕੇ ਆ ਰਹੀ ਟੀਮ