Krantikari Kisan Union

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪੈਗੰਬਰ ਮੁਹੰਮਦ ਦੇ ਖ਼ਿਲਾਫ਼ ਵਿਵਾਦਤ ਟਿੱਪਣੀ ‘ਤੇ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

ਪਟਿਆਲਾ 11 ਜੂਨ 2022:ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (Krantikari Kisan Union Punjab) ਨੇ ਪੈਗੰਬਰ ਮੁਹੰਮਦ ਦੇ ਖ਼ਿਲਾਫ਼ ਵਿਵਾਦਤ ਟਿੱਪਣੀ ‘ਤੇ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ | ਜਦੋਂ ਤੋਂ ਭਾਰਤ ਅੰਦਰ ਫਾਸ਼ੀਵਾਦੀ ਆਰ.ਐੱਸ.ਐੱਸ ਵਿਚਾਰਧਾਰਾ ਵਾਲੀ ਬੀਜੇਪੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਲੈ ਕੇ ਧਾਰਮਿਕ ਘੱਟਗਿਣਤੀਆਂ ਖ਼ਿਲਾਫ਼ ਸਹਿਮ ਅਤੇ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ । ਵੱਖ ਵੱਖ ਸਿਆਸੀ ਲੀਡਰਾਂ ਵੱਲੋਂ ਰੋਜ਼ਾਨਾ ਹੀ ਧਾਰਮਿਕ ਘੱਟ ਗਿਣਤੀਆਂ ਦੇ ਖ਼ਿਲਾਫ਼ ਫਤਵੇ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੇ ਬਿਆਨ ਦਿੱਤੇ ਜਾ ਰਹੇ ਹਨ ।

ਤਾਜ਼ਾ ਮਸਲੇ ਵਿੱਚ ਬੀ ਜੇ ਪੀ ਦੀ ਆਗੂ ਨੂਪੁਰ ਸ਼ਰਮਾ ਵੱਲੋਂ ਮੁਸਲਮਾਨਾਂ ਦੇ ਪੈਗੰਬਰ ਹਜ਼ਰਤ ਮੁਹੰਮਦ ਦੇ ਖ਼ਿਲਾਫ਼ ਵਿਵਾਦਤ ਟਿੱਪਣੀ ਕੀਤੀ ਗਈ ਹੈ ਜਿਸ ਨੂੰ ਲੈ ਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵੀ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਭੜਕੀਆਂ ਹਨ ਅਤੇ ਉਹ ਰੋਸ ਵਿਚ ਆ ਕੇ ਸੜਕਾਂ ਉਪਰ ਉਤਰ ਰਹੇ ਹਨ । ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਨੂਪੁਰ ਸ਼ਰਮਾ ਨੂੰ ਗ੍ਰਿਫ਼ਤਾਰ ਕਰਕੇ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਦੀ ਮੰਗ ਕੀਤੀ ਗਈ ਹੈ।

ਪੱਤਰਕਾਰਾਂ ਨੂੰ ਬਿਆਨ ਜਾਰੀ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਡਾ ਦਰਸ਼ਨਪਾਲ ਅਤੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਆਰਐੱਸਐੱਸ ਦੀ ਥਾਪੜੇ ਵਾਲੀ ਬੀਜੇਪੀ ਸਰਕਾਰ ਵੱਲੋਂ ਦੇਸ਼ ਅੰਦਰ ਧਾਰਮਿਕ ਘੱਟ ਗਿਣਤੀਆਂ, ਦਲਿਤਾਂ, ਅਤੇ ਕਿਰਤੀ ਲੋਕਾਂ ਨੂੰ ਸਮਾਜਿਕ, ਆਰਥਿਕ ਅਤੇ ਸਿੱਖਿਆ ਦੇ ਖੇਤਰ ਚੋਂ ਬਾਹਰ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਭੜਕਾ ਕੇ ਬਹੁਗਿਣਤੀ ਲੋਕਾਂ ਦੀਆਂ ਵੋਟਾਂ ਹਾਸਲ ਕਰਨਾ, ਉਨ੍ਹਾਂ ਦੇ ਧਾਰਮਿਕ ਸੰਸਥਾਨਾਂ ਹੇਠ ਪਹਿਲਾਂ ਮੂਰਤੀਆਂ ਦਬਕੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਢਹਿ ਢੇਰੀ ਕਰਨ ਦਾ ਏਜੰਡਾ ਇਨ੍ਹਾਂ ਦੀ ਤਹਿਸ਼ੁਦਾ ਨੀਤੀ ਹੈ ।

ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤਾਂ ਵਿੱਚ ਕਿਸਾਨ ਆਪਣੀ ਫਸਲ ਲਈ, ਮਜ਼ਦੂਰ ਆਪਣੀ ਮਿਹਨਤ ਲਈ, ਵਿਦਿਆਰਥੀ ਆਪਣੀ ਪੜ੍ਹਾਈ ਲਈ, ਨੌਜਵਾਨ ਆਪਣੇ ਰੁਜ਼ਗਾਰ ਲਈ ਲੜ ਰਿਹਾ ਹੈ। ਪਰ ਸਰਕਾਰ ਵੱਲੋਂ ਉਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਧਾਰਮਿਕ ਮਸਲਿਆਂ ਵਿਚ ਉਲਝਾ ਕੇ ਸਿਰਫ਼ ਵੋਟਾਂ ਇਕੱਠੀਆਂ ਕਰਕੇ ਸੱਤਾ ਵਿੱਚ ਬਣੇ ਰਹਿਣ ਦਾ ਏਜੰਡਾ ਮੁੱਖ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬੀਜੇਪੀ ਦੀ ਇਸ ਹਰਕਤ ਖ਼ਿਲਾਫ਼ ਅਰਬ ਦੇਸ਼ਾਂ ਵਿੱਚ ਕੰਮ ਕਰਦੇ ਭਾਰਤੀਆਂ ਦੇ ਰੁਜ਼ਗਾਰ ਨੂੰ ਖਤਰਾ ਪੈਦਾ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਸਮੇਤ ਪੰਜਾਬ ਉੱਪਰ ਵੀ ਇਹ ਫਾਸ਼ੀਵਾਦੀ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ । ਪੰਜਾਬ ਕੋਲੋਂ ਚੰਡੀਗਡ਼੍ਹ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਖੋਹ ਲੈਣ ਪਿਛੋਂ ਅਗਲਾ ਹਮਲਾ ਪੰਜਾਬ ਯੂਨੀਵਰਸਿਟੀ ਉੱਪਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਾਂਗ ਦੇਸ਼ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਵੱਡੀ ਲੋਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ ਤਾਂ ਜੋ ਇਸ ਕਾਰਪੋਰੇਟ ਪੱਖੀ ਅਤੇ ਫਾਸ਼ੀਵਾਦੀ ਸੱਤਾ ਤੋਂ ਛੁਟਕਾਰਾ ਪਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਬੀਜੇਪੀ ਵਲੋਂ ਪਹਿਲਾਂ ਆਪਣੇ ਆਗੂਆਂ ਵੱਲੋਂ ਬਿਆਨ ਦਵਾ ਕੇ ਲੋਕਾਂ ਦੀਆਂ ਭਾਵਨਾਵਾਂ ਭੜਕਾਈਆਂ ਜਾਂਦੀਆਂ ਹਨ ਅਤੇ ਬਾਅਦ ਵਿੱਚ ਉਸ ਦਾ ਵਿਰੋਧ ਕਰਨ ਲਈ ਸੜਕਾਂ ਤੇ ਉਤਰਨ ਵਾਲੇ ਲੋਕਾਂ ਉੱਪਰ ਜਬਰ ਕੀਤਾ ਜਾ ਰਿਹਾ ਹੈ, ਜੋ ਕਿ ਬੀਜੇਪੀ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਕਾਰਾ ਹੈ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੂਪੁਰ ਸ਼ਰਮਾ ਅਤੇ ਉਸ ਵਰਗੇ ਬਾਕੀ ਦੋਸ਼ੀ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਅੱਗੇ ਤੋਂ ਆਪਣੇ ਆਗੂਆਂ ਵੱਲੋਂ ਕਿਸੇ ਨੂੰ ਵੀ ਅਜਿਹਾ ਬਿਆਨ ਦੇਣ ਉੱਪਰ ਨਕੇਲ ਕੱਸੀ ਜਾਵੇ ।

Scroll to Top