Site icon TheUnmute.com

ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਚਰਚਾ

Kuldeep Singh Dhaliwal

ਚੰਡੀਗੜ੍ਹ 14 ਸਤੰਬਰ 2022: ਪੰਜਾਬ ਸਰਕਾਰ ਵਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ।

ਅੱਜ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ ਚਰਚਾ ਕਰਨ ਲਈ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕੀਤੀ।

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ।

Exit mobile version