ਚੰਡੀਗੜ੍ਹ 12 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸਰਾਹਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਣ ਵੇਲੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼ ਸੁਥਰਾ ਪ੍ਰਸਾਸ਼ਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਬਚਨਵੱਧ ਅਤੇ ਦ੍ਰਿੜ ਹੈ।
ਸੂਬੇ ਵਿੱਚ ਸਰਕਾਰੀ ਅਧਿਕਾਰੀਆਂ ਵੱਲੋਂ ਹੜਤਾਲ ਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਬਾਰੇ ਸ. ਸੰਧਵਾਂ ਨੇ ਕਿਹਾ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਂਵਾਰੀ ਹੈ ਅਤੇ ਪੰਜਾਬ ਸਰਕਾਰ ਦੇ ਸਾਰੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਇਸ ਸਬੰਧ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਭ੍ਰਿਸ਼ਟਾਚਾਰ ਤੋਂ ਬੁਹਤ ਜ਼ਿਆਦਾ ਦੁਖੀ ਹਨ ਅਤੇ ਉਨ੍ਹਾਂ ਨੂੰ ਇਸ ਦੀ ਜਕੜਨ ਵਿੱਚੋ ਬਾਹਰ ਕੱਢਣ ਲਈ ਸਮੁੱਚੇ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਸੰਧਵਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਜਿਨੇ ਵੱਡੇ ਆਹੁਦੇ ’ਤੇ ਕੋਈ ਬੈਠਾ ਹੈ, ਉਸ ਦੀ ਜ਼ਿੰਮੇਂਵਾਰੀ ਓਨੀ ਜ਼ਿਆਦਾ ਵਧਦੀ ਹੈ। ਇਸ ਕਰਕੇ ਹਰਕੇ ਅਧਿਕਾਰੀ ਨੂੰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕੁੱਝ ਲੋਕਾਂ ਸਾਰੇ ਲੋਕਾਂ ਨੂੰ ਬਦਨਾਮ ਕਰ ਦਿੰਦੇ ਹਨ। ਇਸ ਕਰਕੇ ਸਾਡੀ ਸਾਰਿਆਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਅਸੀਂ ਭ੍ਰਿਸ਼ਟ ਲੋਕਾਂ ਨੂੰ ਨੰਗਾ ਕਰਈ ਅਤੇ ਇੱਕ ਸਾਫ਼ ਸੁਥਰੇ ਨਿਗਰ ਸਮਾਜ ਦਾ ਨਿਰਮਾਣ ਕਰੀਏ।
ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਫ ਸੁਥਰਾ ਪ੍ਰਸਾਸਨ ਦੇਣ ਦੀ ਆਰੰਭੀ ਗਈ ਮੁਹਿੰਮ ਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਸਣੇ ਸਾਰੇ ਵਰਗਾਂ ਦੇ ਲੋਕਾਂ ਨੂੰ ਸਾਥ ਦੇਣ ਅਤੇ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ