Site icon TheUnmute.com

ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ

ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ

ਚੰਡੀਗੜ੍ਹ, 26 ਅਕਤੂਬਰ 2021 : ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਸਾਰਿਆਂ ਨੇ ਢਿੱਲੋਂ ਦਾ ਮੂੰਹ ਵੀ ਮਿੱਠਾ ਕਰਵਾਇਆ।

ਕਿੱਕੀ ਢਿੱਲੋਂ 2017 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ 2017 ਵਿਚ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਕੇ ਜਿੱਤੇ ਸਨ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਬਰਾੜ ਪਾਰਟੀ ਛੱਡ ਗਏ ਸਨ।

ਕਿੱਕੀ ਢਿੱਲੋਂ ਕੈਪਟਨ ਦੇ ਬੇਹੱਦ ਕਰੀਬੀ

ਕਿੱਕੀ ਢਿੱਲੋਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਲੋਕਾਂ ‘ਚ ਗਿਣਿਆ ਜਾਂਦਾ ਹੈ। ਜਦੋਂ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਹਾਈਕਮਾਂਡ ਅੱਗੇ ਆਪਣੀ ਤਾਕਤ ਦਿਖਾਉਣੀ ਪਈ ਤਾਂ ਜਾਟ ਮਹਾਂਸਭਾ ਮੁੜ ਸੁਰਜੀਤ ਹੋਈ। ਇਸ ਬੈਠਕ ਰਾਹੀਂ ਕੈਪਟਨ ਨੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਕਿੱਕੀ ਢਿੱਲੋਂ ਨੂੰ ਇਸ ਮਹਾਂਸਭਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਪਟਨ ਸਰਕਾਰ ‘ਚ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ ਪਰ ਇਸ ‘ਤੇ ਵਿਵਾਦ ਖੜ੍ਹਾ ਹੋ ਗਿਆ ਸੀ।ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ ਤਾਂ ਕਿੱਕੀ ਵੀ ਉਨ੍ਹਾਂ ਦੇ ਸੰਪਰਕ ‘ਚ ਸੀ ਜਿਸ ਨੂੰ ਵੇਖਦੇ ਹੋਏ ਚੰਨੀ ਸਰਕਾਰ ਨੇ ਉਸ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ |

ਰੁੱਸਿਆ ਨੂੰ ਮਨਾਉਣ ਵਿੱਚ ਲੱਗੇ ਚੰਨੀ

ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਬਹੁਤੇ ਆਗੂ ਭੰਬਲਭੂਸੇ ਵਿੱਚ ਪੈ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਕਈ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸੰਪਰਕ ਵਿੱਚ ਹਨ। ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਕੁਝ ਸਮੇਂ ਤੋਂ ਹਰ ਕਿਸੇ ਨੂੰ ਆਪਣੀ ਕਚਹਿਰੀ ਵਿੱਚ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਲਗਾਤਾਰ ਕਾਂਗਰਸੀ ਆਗੂਆਂ ਤੇ ਸਾਬਕਾ ਮੰਤਰੀਆਂ ਨਾਲ ਬੈਠਕਾਂ ਕਰਕੇ ਸਾਰਿਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Exit mobile version