ਚੰਡੀਗੜ੍ਹ , 25 ਅਪ੍ਰੈਲ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਡਰੋਨ ਉੱਡਦਾ ਨਜ਼ਰ ਆ ਰਿਹਾ ਹੈ, ਜਦਕਿ ਇਹ ਨੋ ਫਲਾਈ ਜ਼ੋਨ ਹੈ। ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਡਰੋਨ ਨੂੰ ਉਡਾਉਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ।
ਦਿੱਲੀ ਪੁਲਿਸ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਇੱਕ ਡਰੋਨ ਦੇਖਿਆ ਗਿਆ ਹੈ। ਪੁਲਿਸ ਤੱਥਾਂ ਦੀ ਪੜਤਾਲ ਕਰ ਰਹੀ ਹੈ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ ਕੁਤਾਹੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸੀਐਮ ਦੀ ਸੁਰੱਖਿਆ ਵਿੱਚ ਗੜਬੜੀ ਸਾਹਮਣੇ ਆ ਚੁੱਕੀ ਹੈ।
ਪਿਛਲੇ ਸਾਲ ਸੀਐਮ ਅਰਵਿੰਦ ਕੇਜਰੀਵਾਲ (Arvind Kejriwal) ਦੀ ਰਿਹਾਇਸ਼ ‘ਤੇ ਹਮਲਾ ਹੋਇਆ ਸੀ। ਕਸ਼ਮੀਰੀ ਹਿੰਦੂਆਂ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਲੋਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਘਰ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਰਿਹਾਇਸ਼ ਦੇ ਬਾਹਰ ਲੱਗੇ ਬੈਰੀਕੇਡ ਨੂੰ ਤੋੜਦੇ ਹੋਏ ਗੇਟ ਤੱਕ ਪਹੁੰਚ ਗਏ। ਪ੍ਰਦਰਸ਼ਨਕਾਰੀਆਂ ਨੇ ਸੀਸੀਟੀਵੀ ਕੈਮਰਿਆਂ ਨੂੰ ਵੀ ਨੁਕਸਾਨ ਪਹੁੰਚਾਇਆ।