ਚੰਡੀਗੜ੍ਹ, 01 ਜੁਲਾਈ 2024: ਲੁਧਿਆਣਾ ‘ਚ ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ (Ladhowal Toll Plaza) ਦੇ ਵਧੇ ਰੇਟਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ | ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ | ਦਰਅਸਲ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ |
ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਵੱਲੋਂ ਚਾਰ ਟੋਲ ਬੰਦ ਕੀਤੇ ਗਏ ਹਨ, ਜਿਨ੍ਹਾਂ ਨਾਲ ਰੋਜ਼ਾਨਾ 113 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਧਰਨੇ ‘ਚ ਪੰਜਾਬ ਦੇ ਕਈ ਮੰਤਰੀ ਵੀ ਸ਼ਾਮਲ ਹੋ ਰਹੇ ਹਨ | ਹਾਈਕੋਰਟ ਦਾ ਕਹਿਣਾ ਹੈ ਕਿ ਟੋਲ ਪਲਾਜ਼ੇ ‘ਤੇ ਟਰੈਕਟਰ ਟਰਾਲੀ ਪਹਿਲਾਂ ਹੀ ਟੋਲ ਮੁਕਤ ਕੀਤਾ ਹੋਇਆ ਹੈ, ਫਿਰ ਟੋਲ ਪਲਾਜ਼ੇ ਬੰਦ ਕਿਉਂ ਕੀਤੇ ਜਾ ਰਹੇ ਹਨ | ਇਸਦੇ ਨਾਲ ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ |