ਚੰਡੀਗੜ੍ਹ, 27 ਨਵੰਬਰ 2024: ਲਖੀਮਪੁਰ ਖੇੜੀ ਮਾਮਲੇ ‘ਚ (Lakhimpur Kheri case) ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ‘ਤੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ ਲੱਗੇ ਹਨ | ਇਸ ਸੰਬੰਧੀ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਲਖੀਮਪੁਰ ਖੇੜੀ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅੱਜ ਸੁਣਵਾਈ ਦੌਰਾਨ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਨੇ ਆਸ਼ੀਸ਼ ਮਿਸ਼ਰਾ ਦੇ ਵਕੀਲ ਸਿਧਾਰਥ ਦਵੇ ਨੂੰ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ | ਇਸ ਹਲਫਨਾਮੇ ‘ਚ ਆਸ਼ੀਸ਼ ਮਿਸ਼ਰਾ ‘ਤੇ ਲੱਗੇ ਦੋਸ਼ਾਂ ‘ਤੇ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2021 ‘ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਮਾਮਲੇ (Lakhimpur Kheri case) ‘ਚ ਅੱਠ ਜਣਿਆਂ ਦੀ ਜਾਨ ਚਲੀ ਗਈ ਸੀ। ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਮਾਮਲੇ ‘ਚ ਮੁੱਖ ਮੁਲਜ਼ਮ ਹੈ। ਫਿਲਹਾਲ ਆਸ਼ੀਸ਼ ਮਿਸ਼ਰਾ ਜ਼ਮਾਨਤ ‘ਤੇ ਬਾਹਰ ਹਨ।
ਸੁਪਰੀਮ ਕੋਰਟ ਨੇ 22 ਜੁਲਾਈ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ, ਪਰ ਉਨ੍ਹਾਂ ਨੂੰ ਦਿੱਲੀ ਅਤੇ ਲਖਨਊ ‘ਚ ਨਾ ਰਹਿਣ ਦਾ ਨਿਰਦੇਸ਼ ਦਿੱਤਾ ਸੀ, ਤਾਂ ਜੋ ਉਹ ਗਵਾਹਾਂ ਨੂੰ ਪ੍ਰਭਾਵਿਤ ਨਾ ਕਰ ਸਕੇ। ਹਾਲਾਂਕਿ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਰਾਸ਼ਟਰੀ ਰਾਜਧਾਨੀ ਖੇਤਰ ‘ਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਲਖੀਮਪੁਰ ਖੇੜੀ ਮਾਮਲੇ ਦੀ ਛੇਤੀ ਸੁਣਵਾਈ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ।
ਹੁਣ ਇੱਕ ਸ਼ਿਕਾਇਤਕਰਤਾ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਆਸ਼ੀਸ਼ ਮਿਸ਼ਰਾ ਵੱਲੋਂ ਗਵਾਹਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਹਾਲਾਂਕਿ ਆਸ਼ੀਸ਼ ਮਿਸ਼ਰਾ ਦੇ ਵਕੀਲ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਚਾਰ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਖਲ ਕਰਨ ਅਤੇ ਦੋਸ਼ਾਂ ‘ਤੇ ਜਵਾਬ ਮੰਗਣ ਲਈ ਕਿਹਾ ਹੈ।