ਚੰਡੀਗੜ੍ਹ 30 ਮਾਰਚ 2022: ਲਖੀਮਪੁਰ ਖੇੜੀ ਹਿੰਸਾ (Lakhimpur Kheri violence) ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਐਸਆਈਟੀ (SIT) ਦੀ ਜਾਂਚ ਦੀ ਨਿਗਰਾਨੀ ਕਰ ਰਹੇ ਜੱਜ ਦੀ ਰਿਪੋਰਟ ‘ਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਰਿਪੋਰਟ ਨੂੰ ਦੇਖਦੇ ਹੋਏ ਕਿਹਾ ਹੈ ਕਿ ਨਿਗਰਾਨ ਜੱਜ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਅਪੀਲ ਦਾਇਰ ਕਰਨ ਲਈ ਰਾਜ ਸਰਕਾਰ ਨੂੰ ਪੱਤਰ ਲਿਖਿਆ ਸੀ। ਸਰਕਾਰ ਇਸ ‘ਤੇ ਸੋਮਵਾਰ ਤੱਕ ਜਵਾਬ ਦੇਵੇ।
ਇਸਦੇ ਨਾਲ ਹੀ ਅਦਾਲਤ ਨੇ ਸਰਕਾਰ ਅਤੇ ਧਿਰਾਂ ਨੂੰ ਰਿਪੋਰਟ ਦੀ ਕਾਪੀ ਦੇਣ ਦੇ ਨਿਰਦੇਸ਼ ਦਿੰਦਿਆਂ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ। ਇਸ ਮਾਮਲੇ ‘ਚ ਅਦਾਲਤ ਹਿੰਸਾ ‘ਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਦੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਜਿਕਰਯੋਗ ਹੈ ਕਿ ਐਸਆਈਟੀ (SIT) ਦੀ ਨਿਗਰਾਨੀ ਕਰ ਰਹੇ ਹਾਈਕੋਰਟ ਦੇ ਸੇਵਾਮੁਕਤ ਜੱਜ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਾਖ਼ਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਦੇ ਲਈ ਜੱਜ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੱਤਰ ਲਿਖ ਕੇ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ।