ਚੰਡੀਗੜ੍ਹ 11 ਜਨਵਰੀ 2023: ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਅਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ। ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਸ਼ੀਸ਼ ਮਿਸ਼ਰਾ ਨੇ ਅਲਾਹਾਬਾਦ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਅਦਾਲਤ ਨੇ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਐਡੀਸ਼ਨਲ ਸੈਸ਼ਨ ਜੱਜ ਲਖੀਮਪੁਰ ਖੀਰੀ ਦੀ ਰਿਪੋਰਟ ਵੀ ਪੜ੍ਹੀ, ਜਿਸ ‘ਚ ਕਿਹਾ ਗਿਆ ਹੈ ਕਿ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ‘ਚ 5 ਸਾਲ ਦਾ ਸਮਾਂ ਲੱਗੇਗਾ, ਕਿਉਂਕਿ ਇਸ ਮਾਮਲੇ ‘ਚ 208 ਗਵਾਹ ਹਨ।ਸੁਪਰੀਮ ਕੋਰਟ ਨੇ ਅਦਾਲਤ ਤੋਂ ਜਾਣਕਾਰੀ ਮੰਗੀ ਸੀ ਕਿ ਇਹ ਕਿਸ ਸਮੇਂ ‘ਚ ਹੋਰ ਕੇਸਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਕੇਸ ਦਾ ਨਿਪਟਾਰਾ ਕੀਤਾ ਜਾਵੇਗਾ। ਦੂਜੇ ਪਾਸੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਹਿੰਸਾ ਦੇ ਸਾਰੇ ਦੋਸ਼ੀਆਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਗਏ ਹਨ।