Lal Chand Kataruchak

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ/ਰਾਜਪੁਰਾ, 3 ਅਪ੍ਰੈਲ 2025: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਸੂਬੇ ‘ਚ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ।

ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵੱਲੋਂ ਮੰਡੀ ‘ਚ ਲਿਆਂਦੀ ਗਈ ਕਣਕ ਦੀ ਫ਼ਸਲ ਦੀ ਬੋਲੀ ਲਗਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਦਾ ਪੰਜਾਬ ਦੀਆਂ ਮੰਡੀਆਂ ‘ਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਪੰਜਾਬ ਨੂੰ 28,894 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਦਾਨ ਕੀਤੀ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਲਗਭਗ 8 ਲੱਖ ਕਿਸਾਨਾਂ ਦੀ ਕਣਕ ਦੀ ਫਸਲ ਦਾ ਹਰ ਦਾਣਾ 2,425 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ‘ਚ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ 1,865 ਮੰਡੀਆਂ ਤੋਂ ਇਲਾਵਾ, ਲੋੜ ਅਨੁਸਾਰ 600 ਅਸਥਾਈ ਖਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ, ਜਿੱਥੇ ਕਣਕ ਦੀ ਖਰੀਦ ਲਈ 5 ਲੱਖ ਗੱਟਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੇ ਪੰਜਾਬ ‘ਚ 124 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਰੱਖਿਆ ਹੈ ਅਤੇ ਇਸ ਵਾਰ ਸੂਬੇ ਵਿੱਚ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਇਹ ਟੀਚਾ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕੇਗਾ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਪੂਰੇ ਵਿਸ਼ਵਾਸ ਨਾਲ ਮੰਡੀਆਂ ਚ ਲਿਆਉਣ ਕਿਉਂਕਿ ਸਰਕਾਰ ਹਰੇਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।

Read More: ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

Scroll to Top