July 8, 2024 1:09 am
Private Bus Operators

ਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ, ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਦੂਰ ਕਰਨ ਦਾ ਭਰੋਸਾ

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ (Private Bus Operators) ਨੂੰ ਭਰੋਸਾ ਦਿਵਾਇਆ ਕਿ ਬੱਸਾਂ ਦੇ ਟਾਈਮ-ਟੇਬਲ ਦੀਆਂ ਊਣਤਾਈਆਂ ਨੂੰ ਛੇਤੀ ਦੂਰ ਕਰ ਦਿੱਤਾ ਜਾਵੇਗਾ।ਪੰਜਾਬ ਭਵਨ ਵਿਖੇ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਵਿਪੁਲ ਉਜਵਲ, ਡਾਇਰੈਕਟਰ ਪੰਜਾਬ ਰੋਡਵੇਜ਼ ਮੈਡਮ ਅਮਨਦੀਪ ਕੌਰ, ਸਟੇਟ ਟਰਾਂਸਪੋਰਟ ਕਮਿਸ਼ਨਰ ਸੰਦੀਪ ਹੰਸ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ, ਸਮੂਹ ਆਰ.ਟੀ.ਏਜ਼ ਸਕੱਤਰਾਂ ਅਤੇ ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਦੇ ਸਮੂਹ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਤਰੁੱਟੀਆਂ ਰਹਿਤ ਟਾਈਮ-ਟੇਬਲ ਬਣਾ ਕੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਆਪ੍ਰੇਟਰਾਂ ਨੂੰ ਬੱਸ ਟਾਈਮ ਟੇਬਲ ਵਿੱਚ ਬਰਾਬਰ ਥਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਵੱਡੇ ਬੱਸ ਆਪ੍ਰੇਟਰਾਂ (Private Bus Operators) ਦੇ ਨਾਲ-ਨਾਲ ਇੱਕ-ਦੋ ਬੱਸਾਂ ਵਾਲੇ ਆਪ੍ਰੇਟਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣਿਆ ਰਹੇ। ਕੈਬਨਿਟ ਮੰਤਰੀ ਨੇ ਬੱਸ ਆਪ੍ਰੇਟਰਾਂ ਦੀਆਂ ਹੋਰ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਬੱਸ ਆਪ੍ਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਉਹ ਪੂਰਾ ਜ਼ੋਰ ਲਾਉਣਗੇ।