ਖੰਨਾ, 27 ਜੂਨ 2023: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਖੰਨਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾ ਲਿਆ। ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦੀ ਬਜ਼ਾਰ ਕੀਮਤ 40 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ’ਤੇ ਸੱਤ ਪਰਿਵਾਰਾਂ ਦੇ 54 ਵਿਅਕਤੀਆਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ 30 ਮਈ 2022 ਨੂੰ ਡੀਡੀਪੀਓ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਅਤੇ 21 ਜੂਨ 2022 ਨੂੰ ਡੀਡੀਪੀਓ ਅਦਾਲਤ ਨੇ ਪਿੰਡ ਦੀ ਪੰਚਾਇਤ ਦੇ ਹੱਕ ਵਿੱਚ ਹੁਕਮ ਸੁਣਾਏ ਸਨ।
27 ਜੂਨ, 2022 ਨੂੰ ਡੀਡੀਪੀਓ ਅਦਾਲਤ ਨੇ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵਾਰੰਟ ਜਾਰੀ ਕੀਤੇ। ਬਾਅਦ ਵਿੱਚ ਕਬਜ਼ਾਧਾਰਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਪਹੁੰਚ ਕੀਤੀ ਅਤੇ ਜੇਡੀਸੀ (ਪੇਂਡੂ ਵਿਕਾਸ) ਨੂੰ ਚਾਰ ਹਫ਼ਤਿਆਂ ਵਿੱਚ ਕੇਸ ਦਾ ਫੈਸਲਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 11 ਅਪ੍ਰੈਲ, 2023 ਨੂੰ ਆਖਿਰਕਾਰ ਜੇਡੀਸੀ ਨੇ ਪਿੰਡ ਦੀ ਪੰਚਾਇਤ ਨੂੰ ਜ਼ਮੀਨ ਦੇ ਮਾਲਕ ਵਜੋਂ ਹੁਕਮ ਦਿੱਤਾ।
ਮੰਤਰੀ (Laljit Singh Bhullar) ਨੇ ਦੱਸਿਆ ਕਿ ਪਿਛਲੇ ਸਾਲ ਤੋਂ ਪੰਜਾਬ ਭਰ ਵਿੱਚ ਕਰੀਬ 12500 ਏਕੜ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਲੈ ਲਿਆ ਗਿਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਸਾਲ ਵਿਭਾਗ ਨੇ ਬਾਕੀ ਰਹਿੰਦੇ ਕੇਸਾਂ ਦੇ ਨਿਪਟਾਰੇ ਲਈ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਬਾਕੀ ਰਹਿੰਦੀ ਕਬਜ਼ਿਆਂ ਵਾਲੀ ਜ਼ਮੀਨ ਨੂੰ ਜਲਦੀ ਛੁਡਾਉਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸੂਬਾ ਸਰਕਾਰ ਹਰ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਸਵੈ-ਇੱਛਾ ਨਾਲ ਕਬਜ਼ੇ ਵਾਲੀ ਸਰਕਾਰੀ ਜ਼ਮੀਨ ਨੂੰ ਖਾਲੀ ਕਰਵਾਉਣ ਤਾਂ ਜੋ ਇਸ ਜ਼ਮੀਨ ਤੋਂ ਇਕੱਠੇ ਹੋਣ ਵਾਲੇ ਮਾਲੀਏ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕੇ।
ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ ਜ਼ਮੀਨ ਵਾਪਸ ਨਾ ਕਰਨ ‘ਤੇ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪ੍ਰਭਾਵ ਦੇ ਬਾਵਜੂਦ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਮੇਂ ਕੈਬਨਿਟ ਮੰਤਰੀ ਨੇ ਕਿਹਾ ਜੋ ਪਨ-ਬਸ ਵਾਲੇ ਠੇਕੇ ਦੇ ਮੁਲਾਜ਼ਮਾਂ ਵੱਲੋ ਹੜਤਾਲ ਕੀਤੀ ਗਈ ਹੈ ਉਹ ਗਲਤ ਹੈ ਅਤੇ ਹੋਰ ਨਜਾਇਜ ਮੰਗਾ ਲੈ ਕਿ ਹੜਤਾਲ ਕੀਤੀ ਗਈ ਹੈ | ਇਸਦੇ ਨਾਲ ਹੀ ਖੰਨਾ ਰੈਸਟ ਹਾਊਸ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸਐਸਪੀ ਅਮਨੀਤ ਕੋਂਡਲ, ਏਡੀਸੀਜ਼ ਸੰਦੀਪ ਕੁਮਾਰ, ਪਰਮਵੀਰ ਸਿੰਘ, ਜੁਆਇੰਟ ਡਾਇਰੈਕਟਰ (ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ) ਜਗਵਿੰਦਰਜੀਤ ਸਿੰਘ, ਐਸਡੀਐਮ ਖੰਨਾ ਅਪਰਨਾ ਐਮਬੀ ਅਤੇ ਹੋਰ ਵੀ ਹਾਜ਼ਰ ਸਨ।