July 7, 2024 8:19 am
ਝੋਨੇ

ਵਕੀਲ ਨਾਲ ਕੁੱਟਮਾਰ ਮਾਮਲਾ: ਕਥਿਤ ਦੋਸ਼ੀ ਇੰਸਪੈਕਟਰ ਰਮਨ ਕੁਮਾਰ ਤੇ ਸਿਪਾਹੀ ਹਰਬੰਸ ਸਿੰਘ ਮੁਅੱਤਲ

ਚੰਡੀਗੜ੍ਹ, 26 ਸਤੰਬਰ 2023: ਸੀਆਈਏ ਸਟਾਫ਼ ਵਲੋਂ ਵਕੀਲ ਦੀ ਕਥਿਤ ਕੁੱਟਮਾਰ ਅਤੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਐਸਪੀ ਰਮਨਦੀਪ ਸਿੰਘ ਭੁੱਲਰ, ਸੀਆਈਏ ਇੰਚਾਰਜ ਰਮਨ ਕੰਬੋਜ ਅਤੇ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਈ.ਪੀ.ਸੀ. ਦੀ ਧਾਰਾ 377, 342, 323, 149 ਅਤੇ 506 ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਵਿਭਾਗ ਨੇ ਰਿਪੋਰਟ ਵਾਚਣ ਮਗਰੋਂ ਕਥਿਤ ਦੋਸ਼ੀ ਇੰਸਪੈਕਟਰ ਰਮਨ ਕੁਮਾਰ ਤੇ ਸਿਪਾਹੀ ਹਰਬੰਸ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ |

ਪੀੜਤ ਵਕੀਲ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦਾ ਮੈਂਬਰ ਹੈ। ਇਸ ਮਾਮਲੇ ਦੇ ਚਲਦਿਆਂ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਸੀ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਜੀ.ਬੀ.ਐਸ. ਢਿੱਲੋਂ ਨੇ ਕਿਹਾ ਕਿ ਜਨਰਲ ਹਾਊਸ ਵਿਚ ਅਸੀਂ ਫ਼ੈਸਲਾ ਕੀਤਾ ਹੈ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਵਕੀਲ ਦੀ ਜ਼ਮਾਨਤ ਦੀ ਅਰਜ਼ੀ ਪਾਵਾਂਗੇ। ਜਨਰਲ ਹਾਊਸ ਨੇ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਅਤੇ ਸ਼ੁੱਕਰਵਾਰ ਨੂੰ ਸਾਡਾ ਅਗਲਾ ਜਨਰਲ ਹਾਊਸ ਹੈ। ਉਨ੍ਹਾਂ ਕਿਹਾ ਕਿ ਸਾਡੇ ਵਕੀਲ ’ਤੇ ਦਰਜ ਐਫ਼.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ ਅਤੇ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।ਅਸੀਂ ਉਨ੍ਹਾਂ ਦੀ ਬਰਖ਼ਾਸਤਗੀ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੜਤਾਲ ਫਿਲਹਾਲ ਜਾਰੀ ਰਹੇਗੀ।

ਦੱਸਿਆ ਕਾ ਰਿਹਾ ਹੈ ਕਿ ਐਡਵੋਕੇਟ ਵਰਿੰਦਰ ਸਿੰਘ ਸੰਧੂ ਆਪਣੇ ਇਕ ਕਲਾਇੰਟ ਨਾਲ ਇੱਕ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਲਈ ਐਸਐਸਪੀ ਦਫ਼ਤਰ ਗਏ ਸਨ | ਵਕੀਲ ਨੇ ਕਲਾਇੰਟ ਨੂੰ ਥਾਣਾ ਸਦਰ ‘ਚ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਅਤੇ ਉਸ ਨਾਲ ਥਾਣਾ ਸਦਰ ਚਲਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਵਿੱਚ ਉਨ੍ਹਾਂ ‘ਤੇ ਪਰਚਾ ਦਰਜ ਕਰ ਲਿਆ ਅਤੇ ਹਿਰਾਸਤ ‘ਚ ਲੈ ਲਿਆ |

ਇਲਜ਼ਾਮ ਹਨ ਕਿ ਐਡਵੋਕੇਟ ਸੰਧੂ ਨੂੰ ਥਾਣੇ ਤੋਂ ਬਾਹਰ ਆਉਂਦੇ ਹੀ ਸੀਆਈਏ ਪੁਲਿਸ ਵਾਲਿਆਂ ਨੇ ਕੁੱਟਿਆ। ਫਿਰ ਉਨ੍ਹਾਂ ਨੂੰ ਜ਼ਬਰਦਸਤੀ ਸੀਆਈਏ ਦਫ਼ਤਰ ਲੈ ਗਏ ਅਤੇ ਉਨ੍ਹਾਂ ਨਾਲ ਕਥਿਤ ਅਣਮਨੁੱਖੀ ਤਸ਼ੱਦਦ ਕੀਤਾ। ਫਿਰ 16 ਸਤੰਬਰ ਨੂੰ ਐਡਵੋਕੇਟ ਸੰਧੂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਲਜ਼ਾਮ ਹਨ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਵਕੀਲ ਨੂੰ ਇਹ ਕਹਿ ਕੇ ਧਮਕੀ ਦਿਤੀ ਸੀ ਕਿ ਜੇਕਰ ਉਸ ਨੇ ਅਦਾਲਤ ਵਿਚ ਮੂੰਹ ਖੋਲ੍ਹਿਆ ਤਾਂ ਉਸ ਨਾਲ ਦੁਬਾਰਾ ਅਣਮਨੁੱਖੀ ਸਲੂਕ ਕੀਤਾ ਜਾਵੇਗਾ। ਬਾਅਦ ‘ਚ ਕੁੱਝ ਵਕੀਲ ਸਾਥੀਆਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਪੀੜਤ ਵਕੀਲ ਦੀ ਦੁਬਾਰਾ ਮੈਡੀਕਲ ਜਾਂਚ ਕਰਵਾਉਣ ਦੀ ਅਪੀਲ ਕੀਤੀ। ਅਦਾਲਤ ਨੇ ਅਰਜ਼ੀ ਸਵੀਕਾਰ ਕਰ ਲਈ ਅਤੇ ਜਦੋਂ ਦੋ ਦਿਨ ਬਾਅਦ ਮੈਡੀਕਲ ਰੀਪੋਰਟ ਆਈ ਤਾਂ ਇਸ ਵਿਚ 18 ਥਾਵਾਂ ‘ਤੇ ਸੱਟਾਂ ਦੀ ਪੁਸ਼ਟੀ ਹੋਈ।

ਮੈਡੀਕਲ ਰੀਪੋਰਟ ਵਿਚ ਪੀੜਤ ਵਕੀਲ ਦੇ ਸੱਟਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਵਕੀਲ ਭਾਈਚਾਰੇ ਨੇ ਅਦਾਲਤ ਵਿਚ ਇਕ ਹੋਰ ਅਰਜ਼ੀ ਦਾਇਰ ਕਰਕੇ ਐਡਵੋਕੇਟ ਵਰਿੰਦਰ ਸਿੰਘ ਦੇ ਬਿਆਨ ਦਰਜ ਕਰਨ ਦੀ ਅਪੀਲ ਕੀਤੀ ਗਈ । ਐਡਵੋਕੇਟ ਵਰਿੰਦਰ ਸਿੰਘ ਦੇ ਬਿਆਨ ਦਰਜ ਕਰਨ ਤੋਂ ਬਾਅਦ ਸੀਜੇਐਮ ਅਦਾਲਤ ਨੇ ਪੁਲਿਸ ਨੂੰ ਮਾਮਲੇ ਵਿਚ ਐਫਆਈਆਰ ਦਰਜ ਕਰਨ ਦੇ ਹੁਕਮ ਦਿਤੇ ਸਨ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਵਕੀਲਾਂ ਨੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਵਿਰੁਧ ਕੇਸ ਦਰਜ ਕਰਕੇ ਉਨ੍ਹਾਂ ਦੀ ਮੁਅੱਤਲੀ ਅਤੇ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਅਦਾਲਤ ਵਿਚ ਪਹੁੰਚ ਕੀਤੀ ਗਈ ਸੀ।