Site icon TheUnmute.com

ਵਕੀਲ ਨਾਲ ਕੁੱਟਮਾਰ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਹਾਈਕੋਰਟ ‘ਚ ਕੰਮਕਾਜ ਠੱਪ, ਮੁੱਖ ਮੰਤਰੀ ਅੱਗੇ ਰੱਖੀਆਂ 7 ਮੰਗਾਂ

Lawyer

ਚੰਡੀਗੜ੍ਹ, 27 ਸਤੰਬਰ 2023: ਵਕੀਲਾਂ (Lawyer) ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੀਤੇ ਮੰਗਲਵਾਰ ਦੀ ਤਰ੍ਹਾਂ ਅਦਾਲਤੀ ਕੰਮਕਾਜ ਠੱਪ ਰਹੇਗਾ। ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ‘ਤੇ ਕੀਤੇ ਕਥਿਤ ਅਣਮਨੁੱਖੀ ਤਸ਼ੱਦਦ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਅੱਗੇ 7 ਮੰਗਾਂ ਰੱਖੀਆਂ ਹਨ ਅਤੇ ਉਨ੍ਹਾਂ ਦੀ ਪੂਰਤੀ ਹੋਣ ਤੱਕ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਹੈ।

ਇਸ ਦੇ ਨਾਲ ਹੀ ਭਾਜਪਾ ਦੇ ਲੀਗਲ ਸੈੱਲ ਦੇ ਕਨਵੀਨਰ ਐਨ ਕੇ ਵਰਮਾ ਨੇ ਵੀ ਪੁਲਿਸ ਮੁਲਾਜ਼ਮਾਂ ’ਤੇ ਐਡਵੋਕੇਟ (Lawyer) ਵਰਿੰਦਰ ਸਿੰਘ ਦੇ ਕਥਿਤ ਕੱਪੜੇ ਉਤਾਰ ਕੇ ਉਸ ਦੀ ਵੀਡੀਓ ਬਣਾਉਣ ਦਾ ਦੋਸ਼ ਲਾਇਆ ਹੈ। ਇਲਜ਼ਾਮ ਹਨ ਕਿ ਵਕੀਲ ਨੂੰ ਇਹ ਵੀ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਸ ਨੇ ਅਦਾਲਤ ਵਿੱਚ ਮੂੰਹ ਖੋਲ੍ਹਿਆ ਤਾਂ ਉਹ ਇਹ ਵੀਡੀਓ ਵਾਇਰਲ ਕਰ ਦੇਵੇਗਾ।

ਮੁੱਖ ਮੰਤਰੀ ਅੱਗੇ ਰੱਖੀਆਂ 7 ਮੰਗਾਂ

1. ਸ੍ਰੀ ਮੁਕਤਸਰ ਸਾਹਿਬ ਦੇ ਸਿਟੀ ਥਾਣੇ ਵਿੱਚ ਐਡਵੋਕੇਟ ਵਰਿੰਦਰ ਸਿੰਘ ਖਿਲਾਫ 15 ਸਤੰਬਰ ਨੂੰ ਦਰਜ ਝੂਠਾ ਮੁਕੱਦਮਾ ਨੰਬਰ 153 ਰੱਦ ਕੀਤਾ ਜਾਵੇ ।
2. ਸ੍ਰੀ ਮੁਕਤਸਰ ਸਾਹਿਬ ਦੇ ਸਦਰ ਥਾਣੇ ਵਿੱਚ 25 ਸਤੰਬਰ ਨੂੰ ਦਰਜ ਹੋਏ ਕੇਸ ਨੰਬਰ 145 ਦੀ ਜਾਂਚ ਬਿਨਾਂ ਕਿਸੇ ਦੇਰੀ ਦੇ ਸੀਬੀਆਈ ਨੂੰ ਸੌਂਪੀ ਜਾਵੇ।
3. ਸ੍ਰੀ ਮੁਕਤਸਰ ਸਾਹਿਬ ਦੇ ਸਦਰ ਪੁਲਿਸ ਸਟੇਸ਼ਨ ਵਿੱਚ 25 ਸਤੰਬਰ ਨੂੰ ਦਰਜ ਹੋਏ ਮੁਕੱਦਮੇ ਨੰਬਰ 145 ਵਿੱਚ ਆਈ.ਪੀ.ਸੀ. ਅਤੇ ਆਈ.ਟੀ. ਐਕਟ 2000 ਅਧੀਨ ਵਾਧੂ ਧਾਰਾਵਾਂ ਸ਼ਾਮਲ ਕੀਤੀਆਂ ਜਾਣ।
4. ਸ੍ਰੀ ਮੁਕਤਸਰ ਸਾਹਿਬ ਦੀ ਸੀ.ਜੇ.ਐਮ ਅਦਾਲਤ ਵੱਲੋਂ 22 ਸਤੰਬਰ ਨੂੰ ਦਿੱਤੇ ਹੁਕਮਾਂ ਅਨੁਸਾਰ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਜਾਵੇ।
5. ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਗ੍ਰਿਫਤਾਰ ਕੀਤਾ ਜਾਵੇ।
6. ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਅਤੇ ਹੋਰ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।
7. ਪੀੜਤ ਵਕੀਲ ਵਰਿੰਦਰ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਜਾਨ ਅਤੇ ਆਜ਼ਾਦੀ ਦੀ ਰੱਖਿਆ ਕੀਤੀ ਜਾਵੇ।

ਇਸ ਤੋਂ ਪਹਿਲਾਂ ਅੱਜ ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਹਾਈਕੋਰਟ ਦੇ ਵਿਹੜੇ ‘ਚ ਪ੍ਰਦਰਸ਼ਨ ਕਰਕੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ ਦੇਣ ਅਤੇ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਜਾਂ ਸੀ.ਬੀ.ਆਈ.-ਐਨ.ਆਈ.ਏ ਤੋਂ ਕਰਵਾਉਣ ਦੀ ਮੰਗ ਕੀਤੀ | ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ।

ਸੀਆਈਏ ਸਟਾਫ਼ ਵਲੋਂ ਵਕੀਲ ਦੀ ਕਥਿਤ ਕੁੱਟਮਾਰ ਅਤੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਐਸਪੀ ਰਮਨਦੀਪ ਸਿੰਘ ਭੁੱਲਰ, ਸੀਆਈਏ ਇੰਚਾਰਜ ਰਮਨ ਕੰਬੋਜ ਅਤੇ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਈ.ਪੀ.ਸੀ. ਦੀ ਧਾਰਾ 377, 342, 323, 149 ਅਤੇ 506 ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਵਿਭਾਗ ਨੇ ਰਿਪੋਰਟ ਵਾਚਣ ਮਗਰੋਂ ਕਥਿਤ ਦੋਸ਼ੀ ਇੰਸਪੈਕਟਰ ਰਮਨ ਕੁਮਾਰ ਤੇ ਸਿਪਾਹੀ ਹਰਬੰਸ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ |

Exit mobile version