ਚੰਡੀਗੜ੍ਹ, 05 ਮਈ 2023: ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦਾ ਅੱਜ 13ਵਾਂ ਦਿਨ ਹੈ। ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਇਸ ਦੌਰਾਨ ਸਾਰੇ ਮੈਡਲ ਜਿੱਤਣ ਵਾਲੇ ਪਹਿਲਵਾਨ ਆਪਣੇ ਮੈਡਲ ਵਾਪਸ ਕਰਨ ‘ਤੇ ਵਿਚਾਰ ਕਰ ਰਹੇ ਹਨ।
ਪਹਿਲਵਾਨਾਂ ਦੇ ਪ੍ਰਦਰਸ਼ਨ ‘ਤੇ ਸਾਬਕਾ ਭਾਰਤੀ ਕ੍ਰਿਕਟਰ ਸੌਰਵ ਗਾਂਗੁਲੀ (Sourav Ganguly) ਨੇ ਕਿਹਾ, “ਉਨ੍ਹਾਂ ਨੂੰ ਆਪਣੀ ਲੜਾਈ ਲੜਨ ਦਿਓ। ਮੈਨੂੰ ਨਹੀਂ ਪਤਾ ਕਿ ਉੱਥੇ ਕੀ ਹੋ ਰਿਹਾ ਹੈ, ਮੈਂ ਸਿਰਫ ਅਖਬਾਰਾਂ ਵਿੱਚ ਪੜ੍ਹਿਆ ਹੈ। ਖੇਡਾਂ ਦੀ ਦੁਨੀਆ ਵਿੱਚ ਮੈਨੂੰ ਇੱਕ ਗੱਲ ਦਾ ਅਹਿਸਾਸ ਹੋਇਆ ਕਿ ਤੁਸੀਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਨਾ ਕਰੋ ਜਿਨ੍ਹਾਂ ਬਾਰੇ ਤੁਹਾਨੂੰ ਪੂਰਨ ਜਾਣਕਾਰੀ ਨਹੀਂ |
ਵੀਰਵਾਰ ਨੂੰ ਹੀ ਸੁਪਰੀਮ ਕੋਰਟ ਨੇ ਪਹਿਲਵਾਨਾਂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਬੰਦ ਕਰਨ ਦਾ ਫੈਸਲਾ ਸੁਣਾਇਆ। ਸਿਖਰਲੀ ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੇ ਐਫਆਈਆਰ ਦਰਜ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ, ਜੋ ਪੂਰੀ ਹੋ ਗਈ ਹੈ। ਹੁਣ ਇਸ ਮਾਮਲੇ ਵਿੱਚ ਹੋਰ ਸੁਣਵਾਈ ਨਹੀਂ ਬਣਦੀ। ਸਾਕਸ਼ੀ ਮਲਿਕ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੀ ਹੈ।
ਅਦਾਲਤ ਨੇ ਉਹੀ ਕੀਤਾ ਜੋ ਇਸ ਮਾਮਲੇ ਵਿਚ ਕੀਤਾ ਜਾ ਸਕਦਾ ਸੀ। ਵਿਨੇਸ਼ ਫੋਗਾਟ ਨੇ ਕਿਹਾ ਕਿ ਉਨ੍ਹਾਂ ਦੇ ਸਾਹਮਣੇ ਸਾਰੇ ਵਿਕਲਪ ਖੁੱਲ੍ਹੇ ਹਨ। ਅਸੀਂ ਸੀਨੀਅਰਾਂ ਤੋਂ ਰਾਏ ਲੈ ਰਹੇ ਹਾਂ ਕਿ ਸਾਨੂੰ ਹੇਠਲੀ ਅਦਾਲਤ ਵਿਚ ਜਾਣਾ ਚਾਹੀਦਾ ਹੈ ਜਾਂ ਹਾਈਕੋਰਟ ਵਿਚ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਵੀ ਦਿੱਲੀ ਪੁਲਿਸ ਢਿੱਲ-ਮੱਠ ਦਿਖਾਉਂਦੀ ਹੈ ਤਾਂ ਉਨ੍ਹਾਂ ਕੋਲ ਹਾਈਕੋਰਟ ਤੋਂ ਬਾਅਦ ਮੁੜ ਸੁਪਰੀਮ ਕੋਰਟ ਜਾਣ ਦਾ ਵਿਕਲਪ ਹੁੰਦਾ ਹੈ।