July 5, 2024 1:08 am
Harjinder Singh Dhami

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ‘ਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨਾ ਨਿੰਦਣਯੋਗ: SGPC ਪ੍ਰਧਾਨ

ਅੰਮ੍ਰਿਤਸਰ, 7 ਫਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਹਾਰਾਸ਼ਟਰ ਸਰਕਾਰ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਕੈਬਨਿਟ ਦੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਐਕਟ ‘ਚ ਸੋਧ ਲਈ ਫੈਸਲੇ ‘ਤੇ ਇਤਰਾਜ ਪ੍ਰਗਟਾਇਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬੇਹੱਦ ਦੁਖਦ ਅਤੇ ਨਿੰਦਣਯੋਗ ਹੈ।

ਐਸਜੀਪੀਸੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਹੈ। ਜਿਸ ਵਿੱਚ ਲਿਖਿਆ ਹੈ ਕਿ ਮਹਾਰਾਸ਼ਟਰ ਸਰਕਾਰ ਦਾ ਇਹ ਫੈਸਲਾ ਸਿੱਖਾਂ ਦੇ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ‘ਤੇ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਤੋਂ ਮੈਂਬਰਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਸਿੱਖ ਧਾਰਮਿਕ ਅਸਥਾਨਾਂ ‘ਤੇ ਕਬਜ਼ਾ ਕਰਨ ਵੱਲ ਇਕ ਕਦਮ ਹੈ।

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ‘ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਅਬਚਲ ਨਗਰ ਸਾਹਿਬ ਬੋਰਡ ਐਕਟ 1956’ ਵਿੱਚ ਅਜਿਹੀਆਂ ਸੋਧਾਂ ਦਾ ਪ੍ਰਸਤਾਵ ਪੇਸ਼ ਕਰਨ ਤੋਂ ਪਹਿਲਾਂ ਸਿੱਖਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਤੀਰਥ ਅਸਥਾਨਾਂ ਦੇ ਪ੍ਰਬੰਧ ਵਿੱਚ ਦਖਲ ਦੇਣ ਦੀਆਂ ਸਾਜ਼ਿਸ਼ਾਂ ਨੂੰ ਤੁਰੰਤ ਬੰਦ ਕਰਨ।

ਉਨ੍ਹਾਂ ਕਿਹਾ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਬੋਰਡ ਐਕਟ 1956 ਦੀ ਸੋਧ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਪਹਿਲਾਂ ਵਾਂਗ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਧਾਮੀ ਨੇ ਲਿਖਿਆ ਹੈ ਕਿ ਇਹ ਸਿੱਖਾਂ ਨਾਲ ਜੁੜਿਆ ਬਹੁਤ ਗੰਭੀਰ ਮਾਮਲਾ ਹੈ।

ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਤੁਰੰਤ ਸਮਾਂ ਦਿੱਤਾ ਜਾਵੇ, ਤਾਂ ਜੋ ਹਰ ਪਹਿਲੂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਸਕੇ। ਹਜ਼ੂਰ ਸਾਹਿਬ ਦੀ ਸੰਗਤ ਵਿਚ ਵੀ ਇਸ ਫੈਸਲੇ ਖਿਲਾਫ ਭਾਰੀ ਰੋਸ ਹੈ।