Punjab Breaking News

5 ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੋਵੇਗਾ ਹੱਲ: ਵਿੱਤ ਮੰਤਰੀ ਹਰਪਾਲ ਚੀਮਾ

ਚੰਡੀਗੜ੍ਹ, 29 ਅਕਤੂਬਰ 2025: ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ‘ਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ‘ਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ ਅਤੇ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਛੇਤੀ ਹੱਲ ਕੀਤਾ ਜਾਵੇਗਾ।

ਵਿੱਤ ਮੰਤਰੀ ਚੀਮਾ ਵੱਲੋਂ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ‘ਚ ਮਾਸਟਰ ਕੇਡਰ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਸ਼ਾਮਲ ਹਨ | ਇਸਦੇ ਨਾਲ ਵੀ ਬੈਠਕਾਂ ਕੀਤੀਆਂ। ਇਨ੍ਹਾਂ ਬੈਠਕਾਂ ਦੌਰਾਨ ਯੂਨੀਅਨਾਂ ਵੱਲੋਂ ਤਨਖਾਹ, ਤਰੱਕੀ ਅਤੇ ਛੁੱਟੀਆਂ ਦੀਆਂ ਸਹੂਲਤਾ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਮੁੱਦਿਆਂ ਨੂੰ ਹੱਲ ਕਰਨ ‘ਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਅਤੇ ਬੈਠਕਾਂ ਕਰਨ ਲਈ ਕਿਹਾ |

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ।

Read More: ਪੰਜਾਬ ਸਰਕਾਰ ਨੇ ਆਰਟੀਓ ਸੇਵਾਵਾਂ ਨੂੰ ਸੇਵਾ ਕੇਂਦਰਾਂ ‘ਚ ਕੀਤਾ ਤਬਦੀਲ

Scroll to Top