ਚੰਡੀਗੜ੍ਹ 30 ਦਸੰਬਰ 2024: ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਾਲ 2024 ‘ਚ ਸਹਿਕਾਰੀ ਬੈਂਕਾਂ (Cooperative Banks) ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਦੇਣਾ, ਬੈਂਕਾਂ ਨੂੰ ਅਪਗ੍ਰੇਡ ਕਰਨਾ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੁਦਾਮ ਬਣਾਉਣ ਅਤੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਹਨ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੀਐੱਮ ਮਾਨ ਨੇ ਕੇਂਦਰੀ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਰਾਹਤ ਦੇਣ ਲਈ ਸਾਲ 2023 ‘ਚ ਯਕਮੁਸ਼ਤ ਨਿਪਟਾਰਾ ਸਕੀਮ (OTS) ਲਿਆਂਦੀ ਸੀ। ਜਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਵੀ ਸੀਐੱਮ ਭਗਵੰਤ ਮਾਨ ਕੋਲ ਹੀ ਹੈ |
ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 8453 ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ 150 ਕਰੋੜ ਰੁਪਏ ਦੇ ਕਰਜ਼ਿਆਂ ਦਾ ਨਿਪਟਾਰਾ ਕੀਤਾ ਹੈ ਅਤੇ ਇਹ ਸਕੀਮ 28 ਫਰਵਰੀ 2025 ਤੱਕ ਚੱਲੇਗੀ। ਪੰਜਾਬ ‘ਚ 20 ਕੇਂਦਰੀ ਸਹਿਕਾਰੀ ਬੈਂਕਾਂ ਦੀਆਂ 803 ਸ਼ਾਖਾਵਾਂ ਨਾਲ 3523 ਪ੍ਰਾਇਮਰੀ ਖੇਤੀਬਾੜੀ ਸਭਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ‘ਚ ਸਹਿਕਾਰੀ ਬੈਂਕਾਂ ਦੇ ਇਸ ਵਿਸ਼ਾਲ ਨੈੱਟਵਰਕ ਰਾਹੀਂ 10.45 ਲੱਖ ਤੋਂ ਵੱਧ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ |
ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬੈਂਕਾਂ (Cooperative Banks) ਦੇ ਗਾਹਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਅਤੇ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ‘ਤੇ 160 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਪ੍ਰੋਜੈਕਟ ਨੂੰ 30 ਜੂਨ, 2025 ਤੱਕ ਪੂਰਾ ਕਰਨ ਦਾ ਟੀਚਾ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ‘ਚ ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਮਾਰਕਫੈੱਡ ਵੱਲੋਂ 44910 ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਗੁਦਾਮਾਂ ਦੀ ਉਸਾਰੀ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ‘ਚ 3 ਥਾਵਾਂ ‘ਤੇ 25810 ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਗੋਦਾਮਾਂ ਦੀ ਉਸਾਰੀ ਸ਼ੁਰੂ ਕੀਤੀ ਹੈ, ਜੋ ਕਿ 30 ਨਵੰਬਰ, 2025 ਨੂੰ ਮੁਕੰਮਲ ਹੋ ਜਾਵੇਗੀ।
ਉਨ੍ਹਾਂ ਕਿਹਾ ਇਸ ਪ੍ਰਾਜੈਕਟ ਤਹਿਤ 19100 ਮੀਟ੍ਰਿਕ ਟਨ ਦੀ ਸਮਰੱਥਾ ਵਾਲੇ 4 ਵੇਅਰਹਾਊਸਾਂ ਦੀ ਉਸਾਰੀ ਵੀ ਛੇਤੀ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ‘ਚ ਬਣਾਏ ਜਾਣ ਵਾਲੇ ਗੁਦਾਮਾਂ ਦੀ ਕੁੱਲ ਸਮਰੱਥਾ 1.24 ਲੱਖ ਮੀਟ੍ਰਿਕ ਟਨ ਸੀ, ਜਿਸ ‘ਚੋਂ 79000 ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਗੁਦਾਮ ਬਣਾਏ ਜਾ ਚੁੱਕੇ ਹਨ, ਜਦੋਂ ਕਿ ਬਾਕੀ 44910 ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਗੁਦਾਮਾਂ ਦਾ ਕੰਮ ਸ਼ੁਰੂ ਹੋ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਮਾਰਕਫੈੱਡ ਨੂੰ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ‘ਫੁਲਕਾਰੀ’ ਨੂੰ ਦੇਸ਼-ਵਿਦੇਸ਼ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਹੁਕਮ ਦਿੱਤੇ ਹਨ। ‘ਫੁਲਕਾਰੀ’ ਨੂੰ ਪ੍ਰਫੁੱਲਤ ਕਰਨ ਲਈ ਮਾਰਕਫੈੱਡ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਡਿਜ਼ਾਈਨਿੰਗ (ਐਨਆਈਐਫਡੀ), ਨਵੀਂ ਦਿੱਲੀ ਦੇ ਸਹਿਯੋਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।