ਸਵੱਛਤਾ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ‘ਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ

ਚੰਡੀਗੜ੍ਹ, 03 ਅਕਤੂਬਰ 2023: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ।

ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਤੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉੱਪਲ ਵੱਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਚੋਣਵੇਂ ਸਫ਼ਾਈ ਮਿੱਤਰਾਂ, ਕਮਿਊਨਿਟੀ ਫੈਸੀਲੀਟੇਟਰਾਂ, ਸੈਨੇਟਰੀ ਇੰਸਪੈਕਟਰਾਂ, ਜੂਨੀਅਰ ਇੰਜ਼ੀਨੀਅਰਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਸਵੱਛ ਭਾਰਤ ਮਿਸ਼ਨ ਤਹਿਤ ਵਧੀਆਂ ਕਾਰਗੁਜ਼ਰੀ ਵਾਲੇ 23 ਸਖਸ਼ੀਅਤਾਂ ਨੂੰ ਸਨਾਮਾਨਤ ਕੀਤਾ ਗਿਆ।

ਸਫਾਈ ਮਿੱਤਰਾਂ ਨੇ ਘਰ-ਘਰ ਜਾ ਕੇ ਵੱਖ ਕੀਤੇ ਕੂੜੇ ਨੂੰ ਇੱਕਠਾ ਕਰਨ ਅਤੇ ਸਰੋਤਾਂ ‘ਤੇ ਕੂੜੇ ਨੂੰ ਵੱਖ ਕਰਨ ਅਤੇ ਐਮ.ਆਰ.ਐਫ ਵਿਖੇ ਕੂੜੇ ਦੀ ਪ੍ਰੋਸੈਸਿੰਗ ਕਰਨ ਲਈ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਅਤੇ ਕਮਿਊਨਿਟੀ ਫੈਸਿਲੀਟੇਟਰਾਂ ਨੂੰ ਕੂੜੇ ਦੇ ਸਰੋਤਾਂ ਨੂੰ ਵੱਖ ਕਰਨ ਅਤੇ ਮੈਟੀਰੀਅਲ ਰਿਕਵਰੀ ਦੇ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਮਹੱਤਵਪੂਰਨ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਸੈਨਟਰੀ ਇੰਸਪੈਕਟਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਅਤੇ ਫਰੀਦਕੋਟ ਵਿੱਖੇ ‘ਬਾਬਾ ਜੀ ਫਰੀਦ ਆਗਮਨ’ ਵਿਖੇ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਜੂਨੀਅਰ ਇੰਜੀਨੀਅਰਾਂ ਨੂੰ ਅਤਿ-ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੁਵਿਧਾਵਾਂ ਨੂੰ ਡਿਜ਼ਾਇਨ ਕਰਨ ਅਤੇ ਉਸਾਰਨ ਵਿੱਚ ਉਨ੍ਹਾਂ ਦੇ ਬੇਮਿਸਾਲ ਕੰਮ ਲਈ ਸ਼ਲਾਘਾ ਕੀਤੀ ਗਈ।

ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਵਿੱਚ ਹਿੱਸਾ ਲੈਣ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸ਼ਹਿਰਾਂ ਨੂੰ ਸਾਫ਼-ਸੁਥਰੇ, ਵਧੇਰੇ ਕੁਸ਼ਲਤਾ ਨਾਲ ਪ੍ਰਬੰਧਿਤ ਸਥਾਨਾਂ ਵਿੱਚ ਤਬਦੀਲ ਕਰਨ ਦੇ ਸਮੂਹਿਕ ਯਤਨਾਂ ਲਈ ਪ੍ਰਸ਼ੰਸਾ ਪ੍ਰਾਪਤ ਕੀਤੀ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਨੇ ਰਾਜ ਦੇ ਅੰਦਰ ਚਾਰ ਫਾਇਰ ਸਰਵਿਸ ਯੂਨਿਟਾਂ ਨੂੰ ਵੀ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ।

ਜੇਤੂਆਂ ਨੂੰ ਸਮਾਜ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਬਲਕਾਰ ਸਿੰਘ ਨੇ ਆਪਣੇ ਸ਼ਾਨਦਾਰ ਕੰਮ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਹੋਰਾਂ ਨੂੰ ਵੀ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕੀਤੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲਾ ‘ਰੰਗਲਾਂ ਪੰਜਾਬ’ ਸਿਰਜਿਆ ਜਾ ਸਕੇ।

ਇਸ ਮੌਕੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉਪਲ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਸਵੱਛਤਾ ਵਿੱਚ ਆਪਣੀ ਸ਼ਾਨਦਾਰ ਸੇਵਾਵਾਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਹੋਰ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

Scroll to Top