ਐਸ.ਏ.ਐਸ.ਨਗਰ, 16 ਮਈ 2024: ਜ਼ਿਲ੍ਹੇ ਵਿੱਚ ਵੋਟਰਾਂ ਦੀ ਵਧੇਰੇ ਸ਼ਮੂਲੀਅਤ ਨਾਲ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਆਈ.ਏ.ਐਸ. ਨੇ ਸਵੀਪ (SVEEP) ਗਤੀਵਿਧੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਜਿਵੇਂ ਕਿ ਵੋਟ ਪ੍ਰਤੀਸ਼ਤਤਾ ਦਾ ਰੁਝਾਨ ਘਟ ਰਿਹਾ ਹੈ, ਇਸ ਲਈ 1 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਵਿਲੱਖਣ ਅਤੇ ਨਵੇਂ ਤਰੀਕੇ ਅਪਣਾ ਕੇ ਜ਼ਿਲ੍ਹੇ ਵਿੱਚ ਪੋਲਿੰਗ ਦੀ ਪ੍ਰਤੀਸ਼ਤਤਾ ਨੂੰ ਵਧਾਉਣਾ ਸਾਡੇ ਲਈ ਇੱਕ ਵੱਡੀ ਚੁਣੌਤੀ ਹੋਵੇਗੀ।
ਡਾ. ਹੀਰਾ ਲਾਲ, ਜੋ ਕਿ 2019 ਦੀਆਂ ਚੋਣਾਂ ਦੌਰਾਨ ਪਿਛਲੀਆਂ ਲੋਕ ਸਭਾ ਚੋਣਾਂ ਤੋਂ 10.5 ਪ੍ਰਤੀਸ਼ਤ ਦੇ ਵਾਧੇ ਲਈ ਆਪਣੇ ਤਾਇਨਾਤੀ ਵਾਲੇ ਜ਼ਿਲ੍ਹੇ ਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਜਾਣੇ ਜਾਂਦੇ ਹਨ, ਨੇ ਕਿਹਾ ਕਿ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਲੋੜੀਂਦੀਆਂ ਪਹਿਲਕਦਮੀਆਂ ਨੂੰ ਵੱਖ-ਵੱਖ ਤਬਦੀਲੀਆਂ ਦੇ ਤੌਰ ‘ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਰਵਾਇਤੀ ਸਵੀਪ (SVEEP) ਗਤੀਵਿਧੀਆਂ ਦੇ ਢੰਗ ਨੂੰ ਬਦਲਣ ਦੀ ਲੋੜ ਹੈ।
ਡਾ. ਲਾਲ ਨੇ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਮੁੱਢਲਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਸ ਲੋਕਤੰਤਰੀ ਪ੍ਰਕਿਰਿਆ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈ ਸਕਣ। ਜਮਹੂਰੀਅਤ ਦੇ ਤਿਉਹਾਰ ਦਾ ਆਪਣਾ ਮਹੱਤਵ ਹੈ ਜੋ ਸਾਰਿਆਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਦੇ ਹਰੇਕ ਪੋਲਿੰਗ ਬੂਥ ’ਤੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ, ਜਿਸ ਲਈ ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੈਂਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨਾਲ ਇੱਕ ਵਿਸਥਾਰਤ ਮੀਟਿੰਗ ਮੁਹਾਲੀ ਵਿਖੇ ਤੈਅ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਨਵੇਂ ਵਿਚਾਰ ਪੇਸ਼ ਕਰਨ ਲਈ ਸਾਰੇ ਭਾਗੀਦਾਰਾਂ ਦਾ ਸਵਾਗਤ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੂੰ ਭਲਕੇ ਸ਼ੁਰੂ ਕੀਤੀ ਜਾਣ ਵਾਲੀ ਪਹਿਲਕਦਮੀ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਆਪਣੇ ਹਮਰੁਤਬਾ ਨਾਲ ਮੀਟਿੰਗ ਦੌਰਾਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਐਸ ਐਸ ਪੀ ਡਾ. ਸੰਦੀਪ ਗਰਗ, ਏ ਡੀ ਸੀ (ਜ) ਵਿਰਾਜ ਐਸ ਤਿੜਕੇ ਅਤੇ ਜੰਗਲਾਤ, ਪ੍ਰਦੂਸ਼ਣ ਕੰਟਰੋਲ ਬੋਰਡ, ਸਿੱਖਿਆ, ਬਾਗਬਾਨੀ, ਗਮਾਡਾ ਆਦਿ ਵਿਭਾਗਾਂ ਦੇ ਅਧਿਕਾਰੀ, ਨੋਡਲ ਅਫ਼ਸਰ ਸਵੀਪ ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ ਅਤੇ ਤਹਿਸੀਲਦਾਰ ਚੋਣਾਂ ਸੰਜੇ ਕੁਮਾਰ ਵੀ ਹਾਜ਼ਰ ਸਨ।