ਲੁਧਿਆਣਾ, 16 ਜੂਨ 2025: ਆਗਾਮੀ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਨੇ ਅੱਜ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਇੱਕ ਵੀਡੀਓ ਕਾਨਫਰੰਸ ਰਾਹੀਂ ਬੈਠਕ ਕੀਤੀ ਹੈ | ਇਸ ਬੈਠਕ ‘ਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਧਿਕਾਰੀ ਰੁਪਿੰਦਰ ਪਾਲ ਸਿੰਘ ਸ਼ਾਮਲ ਹੋਏ।
ਇਸ ਦੌਰਾਨ ਮੁੱਖ ਚੋਣ ਅਧਿਕਾਰੀ ਜ਼ਿਮਨੀ ਚੋਣ ਪ੍ਰਕਿਰਿਆ ਦੇ ਇਸ ਅੰਤਿਮ ਪੜਾਅ ਦੌਰਾਨ, ਸੀਈਓ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਹੁਕਮ ਦਿੱਤੇ ਹਨ | ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਵੋਟ ਪੈਣ ਤੋਂ 72, 48 ਅਤੇ 24 ਘੰਟੇ ਪਹਿਲਾਂ ਤੋਂ ਚੌਕਸੀ ਹੋਰ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ 17 ਜੂਨ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ, ਇਹ ਯਕੀਨੀ ਬਣਾਇਆ ਜਾਵੇ ਕਿ ਹਲਕੇ ਤੋਂ ਬਾਹਰਲੇ ਵੋਟਰ ਅਤੇ ਆਗੂ ਇਲਾਕੇ ਤੋਂ ਚਲੇ ਜਾਣ। ਉਨ੍ਹਾਂ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ ਅਤੇ ਹੋਰ ਸਮੱਗਰੀ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਣ ਲਈ 24 ਘੰਟੇ ਸੀਸੀਟੀਵੀ ਨਿਗਰਾਨੀ ਨੂੰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਜਾਂ ਕਿਸੇ ਹੋਰ ਕਿਸਮ ਦੀ ਸਮੱਗਰੀ ਦੀ ਵੰਡ ਸੰਬੰਧੀ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਉਸ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ ਜਿਨ੍ਹਾਂ ‘ਚ ਪੀਣ ਵਾਲਾ ਪਾਣੀ, ਛਬੀਲ, ਉਡੀਕ ਖੇਤਰ, ਪਖਾਨੇ ਅਤੇ ਪੋਲਿੰਗ ਸਟੇਸ਼ਨਾਂ ‘ਤੇ ਸ਼ੈੱਡ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 ਸਲਾਹ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦੀ ਵੀ ਸਲਾਹ ਦਿੱਤੀ।
ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਦੀ ਰੀਅਲ-ਟਾਈਮ ਨਿਗਰਾਨੀ ਲਈ 100% ਲਾਈਵ ਵੈੱਬਕਾਸਟਿੰਗ ਦੇ ਨਾਲ-ਨਾਲ ਪੋਲਿੰਗ ਸਟੇਸ਼ਨਾਂ, ਸਟ੍ਰਾਂਗ ਰੂਮ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਪੂਰੀ ਜਾਣਕਾਰੀ ਲਈ। ਉਨ੍ਹਾਂ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਨਾਲ ਤੁਰੰਤ ਨਜਿੱਠਿਆ ਜਾਵੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਤੇ ਪੁਲਿਸ ਕਮਿਸ਼ਨਰ ਨੇ ਸੀਈਓ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਕਰਵਾਈ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਅੱਜ ਦੀ ਬੈਠਕ ‘ਚ ਦਿੱਤੇ ਸਾਰੇ ਨਿਰਦੇਸ਼ ਸਮੇਂ ਸਿਰ ਪੂਰੇ ਕੀਤੇ ਜਾਣਗੇ। ਬੈਠਕ ਦੌਰਾਨ ਵਧੀਕ ਸੀਈਓ ਹਰੀਸ਼ ਨਈਅਰ, ਸੰਯੁਕਤ ਸੀਈਓ ਸਕਤਰ ਸਿੰਘ ਬੱਲ, ਚੋਣ ਅਫ਼ਸਰ ਅੰਜੂ ਬਾਲਾ ਅਤੇ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਮੌਜੂਦ ਸਨ।
ਲੁਧਿਆਣਾ ਜ਼ਿਮਨੀ ਚੋਣ ਲਈ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ
ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਹਲਕੇ ‘ਚ ਕੁੱਲ 1,74,437 ਵੋਟਰ ਹਨ, ਜਿਨ੍ਹਾਂ ‘ਚ 89,602 ਪੁਰਸ਼ ਵੋਟਰ, 84,825 ਮਹਿਲਾ ਵੋਟਰ ਅਤੇ 10 ਵੋਟਰ ਥਰਡ ਜੈਂਡਰ ਹਨ | ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ ‘ਤੇ ਕੁੱਲ 194 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਇਨ੍ਹਾਂ ‘ਚ 10 ਮਾਡਲ ਪੋਲਿੰਗ ਸਟੇਸ਼ਨ, ਔਰਤਾਂ ਦੁਆਰਾ ਚਲਾਇਆ ਜਾਣ ਵਾਲਾ ਇੱਕ ਪੋਲਿੰਗ ਸਟੇਸ਼ਨ, ਇੱਕ ਵਾਤਾਵਰਣ-ਅਨੁਕੂਲ “ਹਰਾ” ਪੋਲਿੰਗ ਸਟੇਸ਼ਨ ਅਤੇ ਇੱਕ ਪੀਡਬਲਯੂਡੀ ਸਟਾਫ ਦੁਆਰਾ ਚਲਾਇਆ ਜਾਣ ਵਾਲਾ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ, ਜਿੱਥੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਬਜ਼ੁਰਗਾਂ, ਦਿਵਿਆਂਗਾਂ ਅਤੇ ਕਿਸੇ ਵੀ ਬਿਮਾਰੀ ਤੋਂ ਪੀੜਤ ਵੋਟਰਾਂ ਦੀ ਸਹੂਲਤ ਲਈ, ਉਨ੍ਹਾਂ ਦੇ ਘਰਾਂ ‘ਚ ਵੋਟਿੰਗ ਕਰਵਾਈ ਗਈ, ਜਿਸ ‘ਚ ਕੁੱਲ 239 ਵੋਟਰਾਂ ਨੇ ਹਿੱਸਾ ਲਿਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਸ਼ੁਰੂ ਹੋਵੇਗੀ, ਜਿਸ ਨੂੰ ਗਿਣਤੀ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕੇ ਭਰ ਵਿੱਚ 54 ਨਾਕੇਬੰਦੀਆਂ ਕੀਤੀਆਂ ਗਈਆਂ ਹਨ ਅਤੇ ਸੁਰੱਖਿਆ ਬਲ ਸਾਰੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੇ ਹਨ।
Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ BJP ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ