ਚੰਡੀਗੜ੍ਹ, 3 ਅਪ੍ਰੈਲ 2025 : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰਾ ਭਗਤ (Mahindra Bhagat) ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਵਿਖੇ ਰੱਖੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਅਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨ ਬਾਰੇ ਜਾਣਕਾਰੀ ਦਿੱਤੀ। ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦਾ ਦਾਇਰਾ ਹੋਰ ਵਧਾਇਆ ਜਾ ਸਕੇ।
ਮੰਤਰੀ ਨੇ ਪੰਚਾਇਤੀ ਜ਼ਮੀਨਾਂ ‘ਤੇ ਫਲਦਾਰ ਬੂਟੇ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਬਾਗਬਾਨੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਤਾਂ ਜੋ ਹਰਿਆਲੀ ਵਿੱਚ ਵਾਧਾ ਹੋ ਸਕੇ ਅਤੇ ਕਿਸਾਨਾਂ ਦੀ ਵਾਧੂ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਲਾਭ ਪਹੁੰਚਾਉਣਗੇ ਬਲਕਿ ਵਾਤਾਵਰਣ ਦੀ ਸਥਿਰਤਾ ਵਿੱਚ ਵੀ ਯੋਗਦਾਨ ਪਾਉਣਗੇ। ਮੀਟਿੰਗ ਵਿੱਚ ਵਧੀਕ ਡਾਇਰੈਕਟਰ ਪੇਂਡੂ ਵਿਕਾਸ ਸੰਦੀਪ ਸਿੰਘ (sandeep singh) ਨੇ ਇਨ੍ਹਾਂ ਪਹਿਲਕਦਮੀਆਂ ਲਈ ਪੰਚਾਇਤੀ ਜ਼ਮੀਨਾਂ ਦੀ ਉਪਲਬਧਤਾ ਅਤੇ ਵਰਤੋਂ ਬਾਰੇ ਵੇਰਵੇ ਸਾਂਝੇ ਕੀਤੇ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਹਰਮੇਲ ਸਿੰਘ ਵੀ ਹਾਜ਼ਰ ਸਨ।
ਅਧਿਕਾਰੀਆਂ ਦੇ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਨੂੰ ਪਛਾਣਦਿਆਂ ਸ਼੍ਰੀ ਭਗਤ ਨੇ ਬਾਗਬਾਨੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਵਧੀਆ ਕੰਮ ਕਰਨ ਵਾਲੇ ਵਿਭਾਗ ਦੇ ਕਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਸਨਮਾਨਿਤ ਹੋਣ ਵਾਲਿਆਂ ਵਿੱਚ ਐਚ.ਡੀ.ਓ. ਬਲਵਿੰਦਰਜੀਤ ਕੌਰ, ਏ.ਸੀ.ਐਫ.ਏ ਗੁਰਪ੍ਰੀਤ ਕੌਰ, ਸੀਨੀਅਰ ਸਹਾਇਕ ਸੁਮੀਤ ਕਪੂਰ ਅਤੇ ਰਜਿੰਦਰ ਕੁਮਾਰ, ਸਟੈਨੋ ਨਵਜੀਤ ਕੁਮਾਰ, ਕਲਰਕ ਹਰਪ੍ਰੀਤ ਸਿੰਘ, ਰੁਪਿੰਦਰਜੀਤ ਸਿੰਘ ਅਤੇ ਹੋਰ ਸਟਾਫ਼ ਮਹਾਦੇਵ ਗੁਪਤਾ ਅਤੇ ਤੁਲਾ ਰਾਮ ਸ਼ਾਮਲ ਸਨ।
Read More: ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ‘ਚ ਸਾਬਕਾ IG ਰਣਬੀਰ ਖਟੜਾ ਤੋਂ ਕੀਤੀ ਪੁੱਛਗਿੱਛ