ਚੰਡੀਗੜ੍ਹ, 31 ਅਗਸਤ 2023: ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਦੋ ਆਈਏਐੱਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿਚ ਪੰਚਾਇਤ ਵਿਭਾਗ (Panchayat Department) ਦੇ ਪ੍ਰਮੁੱਖ ਸੱਕਤਰ ਧੀਰੇਂਦਰ ਕੁਮਾਰ ਤਿਵਾੜੀ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਅਗਲੇ 1-2 ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸਦਾ ਕਾਰਨ ਪੁੱਛਿਆ ਸੀ |
ਦੂਜੇ ਪਾਸੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੁਝ ਤਕਨੀਕੀ ਖ਼ਾਮੀਆਂ ਕਾਰਨ ਇਹ ਫੈਸਲਾ ਵਾਪਸ ਲਿਆ ਗਿਆ ਹੈ | ਉਨ੍ਹਾਂ ਕਿਹਾ ਵਾਰਡਬੰਦੀ, ਵੋਟਰ ਸੂਚੀ ਵਿਚ ਸੋਧ ਅਤੇ ਬੀਬੀਆਂ ਦੇ 50 ਫ਼ੀਸਦੀ ਰਾਖਵੇਂਕਰਨ ਦੀ ਕਾਫੀ ਲੰਮੀ ਪ੍ਰਕਿਰਿਆ ਹੈ, ਪੰਚਾਇਤ ਵਿਭਾਗ ਨੂੰ ਸਮਾਂ ਮਿਲ ਸਕੇ ਇਸ ਕਾਰਨ ਇਹ ਜਲਦੀ ਐਲਾਨ ਕੀਤਾ ਗਿਆ | ਜਦੋਂ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ‘ਚ ਆ ਆਇਆ ਤਾਂ ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਫ਼ਸਰਾਂ ‘ਤੇ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ |