July 7, 2024 4:42 pm
Smart City Mission

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ‘ਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ: ਮੁੱਖ ਮੰਤਰੀ

ਚੰਡੀਗੜ੍ਹ, 25 ਅਗਸਤ 2023 : ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ (Smart City Mission) ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ।

ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ (Smart City Mission) ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ।

ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।