July 4, 2024 7:21 pm

ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 15 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ (bribe) ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ (Punjab Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ (bribe) ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ।

ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।