Malerkotla

ਮਾਲੇਰਕੋਟਲਾ: ਖੇਤਾਂ ‘ਚ ਲੱਗੀ ਅੱਗ ਬੁਝਾਉਣ ਲਈ ਡਿਪਟੀ ਕਮਿਸ਼ਨਰ ਸਮੇਤ ਮੌਕੇ ‘ਤੇ ਪੁੱਜਿਆ ਪ੍ਰਸ਼ਾਸਨ

ਮਾਲੇਰਕੋਟਲਾ 03 ਨਵੰਬਰ 2023: ਜ਼ਿਲ੍ਹਾ (Malerkotla) ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ‘ਤੇ ਪੁੱਜ ਰਿਹਾ ਹੈ। ਅਜਿਹਾ ਸਾਬਤ ਕਰ ਦਿਖਾਇਆ ਹੈ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ ਦੀ ਅਗਵਾਈ ਵਿੱਚ ਗਠਿਤ ਟੀਮਾਂ ਦੀ ਫੁਰਤੀ ਨੇ ਸੰਦੋੜ ਅਧਿਨ ਪੈਦੇ ਪਿੰਡ ਆਦਮਵਾਲ ਦੇ ਖੇਤਾਂ ਵਿੱਚ ਲੱਗੀ ਅੱਗ ਸਾਹਮਣੇ ਆਉਣ ਦੇ ਕੁਝ ਮਿੰਟਾਂ ਦੇ ਵਿੱਚ ਹੀ ਅੱਗ ਬੁਝਾਊ ਟੀਮ ਮੌਕੇ ਉਤੇ ਪੁੱਜੀ ਅਤੇ ਅੱਗ ਨੂੰ ਬੁਝਾ ਦਿੱਤਾ ਗਿਆ। ਜਦਕਿ ਸਦੋਪੁਰ ਅਤੇ ਸੰਗਾਲਾ ਵਿਖੇ ਅੱਗ ਲੱਗੇ ਖੇਤਾਂ ਵਿੱਚ ਵੀ ਅੱਗ ਬੁਝਾਊ ਟੀਮਾਂ ਨੇ ਪੁੱਜ ਕੇ ਅੱਗ ਨੂੰ ਬੁਝਾ ਕੇ ਪ੍ਰਬੰਧਨ ਕੀਤਾ । ਇਸ ਮੌਕੇ ਜ਼ਿਲ੍ਹਾ ਅਤੇ ਪੁਲਿਸ ਟੀਮ ਸਮੇਂਤ ਡਿਪਟੀ ਕਮਿਸ਼ਨਰ ਡਾ ਪੱਲਵੀ,ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ,ਡੀ.ਐਸ.ਪੀ. ਜਤਿਨ ਬਾਂਸਲ,ਖੇਤੀਬਾੜੀ ਵਿਕਾਸ ਅਫ਼ਸਰ ਡਾ ਕੁਲਵੀਰ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅੱਗ ਬੁਝਾਊ ਟੀਮਾਂ ਨਾਲ ਖੇਤਾਂ ਵਿੱਚ ਪੁਜੇ ।

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਜ਼ਿਲ੍ਹੇ ਵਿੱਚ ਜੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾ ਕੇ ਇਥੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਦੇ ਲਗਾਤਾਰ ਉਪਰਾਲੇ ਜਾਰੀ ਰਹਿਣਗੇ ।

ਡਾ. ਪੱਲਵੀ ਨੇ ਦੱਸਿਆ ਕਿ ਏ.ਡੀ.ਸੀ, ਐਸ.ਡੀ.ਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪੁਲਿਸ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਵੱਲੋਂ ਕਮਰ ਕਸੀ ਗਈ ਹੈ ਅਤੇ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ ।ਜ਼ਿਲ੍ਹਾ ਪ੍ਰਸਾਸਨ ਇਨ੍ਹਾਂ ਘਟਨਾਵਾਂ ਦਾ ਪ੍ਰਬੰਧਨ/ਕੰਟਰੋਲ ਕਰਨ ਲਈ ਤਤਪਰ ਹੈ।

ਉਨ੍ਹਾਂ ਕਿਹਾ ਜ਼ਿਲ੍ਹੇ (Malerkotla) ਵਿੱਚ ਪਰਾਲੀ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਨ੍ਹਾਂ ਹੁਕਮਾਂ ਦੀ ਉਲਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਅੱਗ ਲਗਾਉਣ ਵਾਲੇ ਕਾਸਤਕਾਰ/ਜਿੰਮੀਦਾਰ ਵਿਰੁੱਧ ਪੰਜਾਬ ਸਰਕਾਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ (ਐਕਸ ਸੀਟੂ ਮੈਨੇਜਮੈਂਟ) ਅਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ (ਇਨ ਸਿਟੂ ਮੈਨੇਜਮੈਂਟ) ਨਾਲ ਪਰਾਲੀ ਦੀ ਸਾਂਭ ਸੰਭਾਲ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।

Scroll to Top