ਚੰਡੀਗੜ੍ਹ, 02 ਸਤੰਬਰ 2023: ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਕ ਦੇਸ਼, ਇੱਕ ਚੋਣ (One Nation One Election)ਬਾਰੇ ਬਣਾਈ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ ਮੁੱਦੇ ’ਤੇ ਇਤਰਾਜ਼ ਪ੍ਰਗਟਾਇਆ ਹੈ ਜੋ ਇਕ ਦੇਸ਼ ਇਕ ਚੋਣ ਦਾ ਅਧਿਐਨ ਕਰਕੇ ਸਰਕਾਰ ਨੂੰ ਆਪਣੀ ਰਿਪੋਰਟ ਸੌਂਪੇਗੀ। ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਆਪਣੀਆਂ ਨੀਤੀਆਂ ਕਾਰਨ ਪੰਜ ਸੂਬਿਆਂ ਦੀਆਂ ਆਗਾਮੀ ਚੋਣਾਂ ਹਾਰ ਰਹੀ ਹੈ ਅਤੇ ਇਸ ਦੇ ਨਤੀਜੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਭੁਗਤਣੇ ਪੈਣਗੇ।
ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਨਹੀਂ, ਹੁਣ ਬਾਦਲ ਦਲ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਿਨੀਂ ਸੁਖਬੀਰ ਬਾਦਲ ਨੇ ਭਾਜਪਾ ਦੇ ‘ਵਨ ਨੇਸ਼ਨ ਵਨ ਇਲੈਕਸ਼ਨ’ ਏਜੰਡੇ ਦਾ ਸਮਰਥਨ ਕੀਤਾ ਸੀ। ਮਾਲਵਿੰਦਰ ਕੰਗ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨਾਲ ਮਤਭੇਦਾਂ ਦੇ ਬਾਵਜੂਦ ਅਸੀਂ ਲੋਕਤੰਤਰ ਨੂੰ ਬਚਾਉਣ ਲਈ ਇੰਡੀਆ ਬਲਾਕ ਨਾਲ ਹੱਥ ਮਿਲਾਇਆ ਹੈ ਪਰ ਬਾਦਲ ਆਪਣੇ ਨਿੱਜੀ ਹਿੱਤਾਂ ਕਾਰਨ ਲੋਕਤੰਤਰ ਨਾਲ ਸਮਝੌਤਾ ਕਰਨ ਲਈ ਤਿਆਰ ਹਨ।