June 28, 2024 5:23 pm
AAP Government

ਮਾਲਵਿੰਦਰ ਸਿੰਘ ਕੰਗ ਵਲੋਂ ਮਾਨ ਸਰਕਾਰ ਦੇ 6 ਮਹੀਨਿਆਂ ਦੇ ਕੰਮਕਾਜ ਦਾ ਰਿਪੋਰਟ ਕਾਰਡ ਪੇਸ਼

ਚੰਡੀਗੜ੍ਹ 17 ਸਤੰਬਰ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ ਨੂੰ ਛੇ ਮਹੀਨੇ ਦਾ ਸਮਾਂ ਹੋ ਚੁੱਕਾ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਦੱਸਿਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪਿਛਲੇ 6 ਮਹੀਨਿਆਂ ਦੌਰਾਨ ਰੁਜ਼ਗਾਰ ਮੁਹੱਈਆ ਕਰਵਾਉਣ, ਭ੍ਰਿਸ਼ਟਾਚਾਰ ਦੇ ਖਾਤਮੇ, ਖੇਡਾਂ ਨੂੰ ਪ੍ਰਫੁੱਲਤ ਕਰਨ, ਸਿਹਤ ਸਹੂਲਤਾਂ ਦੇਣ, ਕਿਸਾਨਾਂ ਦੇ ਬਕਾਏ ਦੀ ਅਦਾਇਗੀ ਸਮੇਤ ਕਈ ਵਾਅਦੇ ਪੂਰੇ ਕੀਤੇ ਹਨ। .

ਇਸਦੇ ਨਾਲ ਹੀ ਬੁਲਾਰੇ ਨੇ ਕਿਹਾ ਕਿ ਮਾਨ ਸਰਕਾਰ ਨੇ ਹਰ ਖੇਤਰ ਵਿੱਚ ਵੱਡੇ ਕਦਮ ਚੁੱਕੇ ਹਨ। ਪਿਛਲੇ 6 ਮਹੀਨਿਆਂ ਦੌਰਾਨ ਉਨ੍ਹਾਂ ਨੇ ਕਈ ਵਾਅਦੇ ਪੂਰੇ ਕੀਤੇ ਹਨ। ਪੰਜਾਬ ਸਰਕਾਰ ਵਲੋਂ ਖੇਡ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਰੋਡਵੇਜ਼ ਵਿੱਚ ਸੁਧਾਰ ਕੀਤਾ ਗਿਆ ਹੈ। ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਲਈ ਰੋਡਵੇਜ਼ ਦੀਆਂ ਬੱਸਾਂ ਚਲਾਈਆਂ ਗਈਆਂ ਹਨ ।

ਕਿਸਾਨਾਂ ਤੇ ਸਿਹਤ ਸਹੂਲਤਾਂ

ਇਸਦੇ ਨਾਲ ਹੀ ਮਾਲਵਿੰਦਰ ਕੰਗ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਲਈ ਕਈ ਅਹਿਮ ਕਦਮ ਵੀ ਚੁੱਕੇ ਹਨ। ਗੰਨਾ ਕਿਸਾਨਾਂ ਨੂੰ ਕਈ ਸਾਲਾਂ ਤੋਂ ਅਦਾਇਗੀ ਨਹੀਂ ਹੋਈ, ਉਨ੍ਹਾਂ ਦੇ ਬਕਾਏ ਦਿੱਤੇ ਗਏ। ਮੂੰਗੀ ਦੀ ਫ਼ਸਲ ‘ਤੇ ਪਹਿਲੀ ਵਾਰ ਐਮ.ਐਸ.ਪੀ ਦਿੱਤੀ | ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦਿੱਤਾ ਗਿਆ ਹੈ । ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚੰਗੀਆਂ ਬੁਨਿਆਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿੱਚ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।

ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਉਪਰਾਲੇ

ਬੁਲਾਰੇ ਨੇ ਕਿਹਾ ਕਿ ਮਾਨ ਸਰਕਾਰ ਨੇ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਉਪਰਾਲੇ ਤਹਿਤ 6 ਮਹੀਨਿਆਂ ਵਿੱਚ 20 ਹਜ਼ਾਰ ਨੌਕਰੀਆਂ ਦਿੱਤੀਆਂ ਹਨ । ਇਸ ਤੋਂ ਇਲਾਵਾ 9 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ| ਇਸਦੇ ਨਾਲ ਹੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ 200 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਾ ਕੋਈ ਮੰਤਰੀ ਭ੍ਰਿਸ਼ਟਾਚਾਰ ਕਰਦਾ ਹੈ ਅਤੇ ਉਸ ਵਿਰੁੱਧ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਨੂੰ ਸਵਾਲ ਉਠਾਉਣ ਦਾ ਅਧਿਕਾਰ ਹੈ।

ਮਾਈਨਿੰਗ ਮਾਫੀਆ

ਇਸ ਤੋਂ ਇਲਾਵਾ ਮਾਲਵਿੰਦਰ ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਸੂਬੇ ‘ਚ ਮਾਈਨਿੰਗ ਮਾਫੀਆ ਨੂੰ ਹੁਲਾਰਾ ਮਿਲਿਆ ਹੈ। ਪਰ ਸਰਕਾਰ ਦੀ ਸ਼ਹਿ ਹੇਠ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨੂੰ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ।

ਦੂਜੇ ਪਾਸੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਉਨ੍ਹਾਂ ਨੇ ਪੰਜਾਬ ਕੇਸਰੀ ਨੂੰ ਦੱਸਿਆ ਕਿ ਕਤਲ ਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 2 ਸ਼ੂਟਰਾਂ ਦਾ ਐਨਕਾਊਂਟਰ ਵੀ ਕੀਤਾ ਗਿਆ। AGTF ਨੇ 300 ਤੋਂ ਵੱਧ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿੱਚ ਗੈਂਗਸਟਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਜੋ ਕੋਈ ਵੀ ਅਪਰਾਧ ਕਰੇਗਾ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।