ਚੰਡੀਗੜ੍ਹ, 21 ਅਗਸਤ, 2023: ਮਣੀਪੁਰ ਹਿੰਸਾ (Manipur violence) ‘ਤੇ ਜਸਟਿਸ (ਸੇਵਾਮੁਕਤ) ਗੀਤਾ ਮਿੱਤਲ ਕਮੇਟੀ ਨੇ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਸਟਿਸ ਗੀਤਾ ਮਿੱਤਲ ਦੀ ਕਮੇਟੀ ਨੇ ਮਣੀਪੁਰ ਹਿੰਸਾ ਬਾਰੇ ਤਿੰਨ ਰਿਪੋਰਟਾਂ ਸੌਂਪੀਆਂ ਹਨ। ਅਦਾਲਤ ਨੇ ਹੁਣ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਇਨ੍ਹਾਂ ਰਿਪੋਰਟਾਂ ਨੂੰ ਦੇਖਣ ਅਤੇ ਜਵਾਬ ਦੇਣ ਲਈ ਕਿਹਾ ਹੈ।
ਦੱਸ ਦਈਏ ਕਿ ਮਣੀਪੁਰ ਹਿੰਸਾ (Manipur violence) ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਹਾਈ ਕੋਰਟ ਦੀਆਂ ਤਿੰਨ ਸਾਬਕਾ ਬੀਬੀ ਜੱਜਾਂ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਨੂੰ ਮਣੀਪੁਰ ਵਿੱਚ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮਾਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਜੰਮੂ-ਕਸ਼ਮੀਰ ਹਾਈ ਕੋਰਟ ਦੀ ਸਾਬਕਾ ਚੀਫ਼ ਜਸਟਿਸ ਗੀਤਾ ਮਿੱਤਲ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਪੀ ਜੋਸ਼ੀ ਅਤੇ ਜਸਟਿਸ (ਸੇਵਾਮੁਕਤ) ਆਸ਼ਾ ਮੇਨਨ ਨੂੰ ਵੀ ਸ਼ਾਮਲ ਕੀਤਾ ਗਿਆ ਸੀ।