ਚੰਡੀਗੜ੍ਹ, 12 ਫਰਵਰੀ 2024: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਲਗਭਗ ਇੱਕ ਸਾਲ ਬਾਅਦ ਰਾਹਤ ਮਿਲੀ ਹੈ। ਸਿਸੋਦੀਆ ਭਲਕੇ ਤਿੰਨ ਦਿਨਾਂ ਲਈ ਜੇਲ੍ਹ ਤੋਂ ਬਾਹਰ ਆ ਜਾਵੇਗਾ। ਅਸਲ ਵਿੱਚ ਉਨ੍ਹਾਂ ਨੂੰ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਮਿਲੀ ਹੈ। ਉਨ੍ਹਾਂ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਜ਼ਮਾਨਤ ਦਿੱਤੀ ਹੈ।
ਮਨੀਸ਼ ਸਿਸੋਦੀਆ (Manish Sisodia) ਨੇ ਆਪਣੀ ਭਤੀਜੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਖਨਊ ਜਾਣਾ ਹੈ। ਉਹ 13 ਤੋਂ 15 ਫਰਵਰੀ ਤੱਕ ਲਖਨਊ ਜਾ ਸਕਣਗੇ। ਭਤੀਜੀ ਦਾ ਵਿਆਹ 14 ਫਰਵਰੀ ਨੂੰ ਹੈ। ਹਾਲਾਂਕਿ ਈਡੀ ਨੇ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰ ਲਿਆ ਅਤੇ ਤਿੰਨਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।
ਜਿਕਰਯੋਗ ਹੈ ਕਿ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਸ਼ਰਾਬ ਘਪਲੇ ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਮਨੀਸ਼ ਸਿਸੋਦੀਆ ਹਿਰਾਸਤ ‘ਚ ਹਨ। ਤਿਹਾੜ ਜੇਲ੍ਹ ਵਿੱਚ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਈਡੀ ਨੇ ਉਸ ਨੂੰ ਸੀਬੀਆਈ ਐਫਆਈਆਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।