ਚੰਡੀਗੜ੍ਹ 22 ਅਪ੍ਰੈਲ 2022: ਕਾਂਗਰਸ ਪਾਰਟੀ ‘ਚ ਨੇਤਾਵਾਂ ਦਾ ਇੱਕ ਦੂਜੇ ਖਿਲਾਫ ਬਿਆਨ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ | ਇਸ ਦੌਰਾਨ ਕਾਂਗਰਸ ਸਾਂਸਦ ਮਨੀਸ਼ ਤਿਵਾੜੀ (Manish Tewari) ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵੋਜਤ ਸਿੰਘ ਸਿੱਧੂ ‘ਤੇ ਸ਼ਬਦੀ ਵਾਰ ਕਰਦਿਆਂ ਉਨ੍ਹਾਂ ਨੇ ਸਿੱਧੂ ਨੂੰ ਕਾਂਗਰਸ ‘ਚ ‘ਕਿਰਾਏਦਾਰ’ ਦੱਸਿਆ ਹੈ।
ਮਨੀਸ਼ ਤਿਵਾੜੀ ਨੇ ਕਿਹਾ ਕਿ ‘ਕਾਂਗਰਸ ‘ਚ ਕਈ ਭਾਗੀਦਾਰ ਤੇ ਕਿਰਾਏਦਾਰ ਹੁੰਦੇ ਹਨ। ਰਾਜਾ ਵੜਿੰਗ ਵੱਲੋਂ ਚੰਡੀਗੜ੍ਹ ਵਿਖੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਵੇਲੇ ਪਹੁੰਚੇ ਮਨੀਸ਼ ਤਿਵਾੜੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਇਸਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਸਿੱਧੂ ‘ਤੇ ਵਿਅੰਗ ਕੱਸਦੇ ਹੋਏ ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਉਨ੍ਹਾਂ ਨੂੰ ‘ਕਿਰਾਏਦਾਰ’ ਦੱਸਿਆ।
ਮਨੀਸ਼ ਤਿਵਾੜੀ (Manish Tewari) ਨੇ ਕਿਹਾ, “ਵੜਿੰਗ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ ਅਤੇ ਅਸੀਂ ਸਾਰੇ ਇੱਥੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਆਏ ਹਾਂ।” ਸਿੱਧੂ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਇੱਕ ਹੋਰ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਗੈਰ-ਹਾਜ਼ਰੀ ਦਾ ਕਾਰਨ ਪੁੱਛੇ ਜਾਣ ‘ਤੇ ਉਨ੍ਹਾਂ ਨੇ ਜਵਾਬੀ ਕਾਰਵਾਈ ਕਰਦਿਆਂ ਕਿਹਾ, ‘ਤੁਸੀਂ ਉਨ੍ਹਾਂ ਨੂੰ ਕਿਉਂ ਨਹੀਂ ਪੁੱਛਦੇ ਕਿ ਉਹ ਕਿਉਂ ਨਹੀਂ ਆਏ’?
ਮਨੀਸ਼ ਤਿਵਾੜੀ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਨਿਯੁਕਤ ਕਰਨ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਏ ਸਨ।ਤਿਵਾੜੀ ਪਿਛਲੇ ਕੁਝ ਮਹੀਨਿਆਂ ਤੋਂ ਪਾਰਟੀ ਦੀ ਕਾਰਜਸ਼ੈਲੀ ਤੋਂ ਨਾਰਾਜ਼ ਹਨ, ਖਾਸ ਕਰਕੇ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਉਨ੍ਹਾਂ ਨੂੰ ਪੰਜਾਬ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਵੀ ਬਾਹਰ ਕਰ ਦਿੱਤਾ ਗਿਆ ਸੀ।