July 5, 2024 12:58 am
Manish Tiwari

ਮਨੀਸ਼ ਤਿਵਾੜੀ ਵਲੋਂ ਬੰਗਾ-ਸ਼੍ਰੀ ਆਨੰਦਪੁਰ ਸਾਹਿਬ ਸੜਕ ਨੂੰ ਨੈਸ਼ਨਲ ਹਾਈਵੇ ਵਜੋਂ ਅਪਗ੍ਰੇਡ ਕਰਨ ਦੀ ਮੰਗ

ਨਵਾਂਸ਼ਹਿਰ, 9 ਫਰਵਰੀ 2023: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਨੈਸ਼ਨਲ ਹਾਈਵੇ ਵਜੋਂ ਅਪਗ੍ਰੇਡ ਕਰਨ ਦੀ ਅਪੀਲ ਕੀਤੀ ਹੈ। ਇਸ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਕੇਂਦਰੀ ਮੰਤਰੀ ਵੱਲੋਂ ਫਰਵਰੀ 2019 ਵਿੱਚ ਰੱਖਿਆ ਗਿਆ ਸੀ, ਪਰ ਇਸ ਤੋਂ ਅੱਗੇ ਕੰਮ ਅੱਗੇ ਨਹੀਂ ਵਧ ਸਕਿਆ।

ਸੰਸਦ ਵਿੱਚ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ ਦੌਰਾਨ ਸੰਸਦ ਮੈਂਬਰ ਤਿਵਾੜੀ (Manish Tiwari) ਨੇ ਬੰਗਾ-ਸ੍ਰੀ ਆਨੰਦਪੁਰ ਸਾਹਿਬ ਸੜਕ ਨੂੰ ਨੈਸ਼ਨਲ ਹਾਈਵੇਅ ਵਜੋਂ ਅਪਗ੍ਰੇਡ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਫਰਵਰੀ 2019 ਵਿੱਚ ਉਨ੍ਹਾਂ ਵੱਲੋਂ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਜਿਸ ’ਤੇ ਉਦੋਂ ਲਗਭਗ 581 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਸੀ। ਪਰ ਅਫਸੋਸ ਦੀ ਗੱਲ ਹੈ ਕਿ ਸਾਲ 2019 ਤੋਂ ਇਹ ਪ੍ਰੋਜੈਕਟ ਲਟਕ ਰਿਹਾ ਹੈ ਅਤੇ ਇਸ ਵਿੱਚ ਕੋਈ ਪ੍ਰਗਤੀ ਨਹੀਂ ਹੋਈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਸਿੱਖ ਧਰਮ ਦੇ ਦੋ ਪਵਿੱਤਰ ਸਥਾਨਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਦੀ ਹੈ। ਇਸ ਕ੍ਰਮ ਵਿੱਚ, ਵੱਡੀ ਗਿਣਤੀ ਵਿੱਚ ਵਿਦੇਸ਼ੀ ਸੈਲਾਨੀ ਅਤੇ ਇੱਥੋਂ ਤੱਕ ਕਿ ਸਥਾਨਕ ਯਾਤਰੀ ਦੋਵੇਂ ਤੀਰਥ ਸਥਾਨਾਂ ਦੇ ਦਰਸ਼ਨ ਕਰਦੇ ਹਨ ਅਤੇ ਬਾਅਦ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਸ਼੍ਰੀ ਨੈਣਾ ਦੇਵੀ ਨੂੰ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਉਹ ਤੁਹਾਨੂੰ ਕੇਂਦਰ ਸਰਕਾਰ ਦੇ ਭਾਰਤ ਮਾਲਾ ਪ੍ਰੋਜੈਕਟ-2 ਜਾਂ ਕਿਸੇ ਹੋਰ ਪੋਲਿਸੀ ਤਹਿਤ ਉਕਤ ਸੜਕ ਨੂੰ ਜਲਦੀ ਤੋਂ ਜਲਦੀ ਨੈਸ਼ਨਲ ਹਾਈਵੇਅ ਵਜੋਂ ਅਪਣਾਉਣ ਦੀ ਅਪੀਲ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਹ ਸੜਕ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਵਿੱਚ ਬਹੁਤ ਮਹੱਤਵ ਰੱਖਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਮਾਰਗ ਨੂੰ ਕੌਮੀ ਮਾਰਗ ਵਜੋਂ ਅਪਣਾਇਆ ਜਾਵੇਗਾ ਅਤੇ ਇਸਨੂੰ ਜਲਦੀ ਪੂਰਾ ਕੀਤਾ ਜਾਵੇਗਾ। ਜਿਸ ‘ਤੇ ਕੇਂਦਰੀ ਮੰਤਰੀ ਗਡਕਰੀ ਨੇ ਉਨ੍ਹਾਂ ਦੀ ਮੰਗ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।