ਚੰਡੀਗੜ੍ਹ, 18 ਜੁਲਾਈ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ‘ਆਪ’ ‘ਤੇ ਨਿਸ਼ਾਨਾ ਸਾਧਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪੇਂਡੂ ਅਤੇ ਗਰੀਬ ਲੋਕ ਅਜੇ ਵੀ ਹੜ੍ਹਾਂ ਦੇ ਕਹਿਰ ਵਿਚ ਫਸੇ ਹੋਏ ਹਨ। ਜਦੋਂ ਕਿ ਮੁੱਖ ਮੰਤਰੀ ਬੈਂਗਲੁਰੂ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਰੱਖੇ ਗਏ ਰਾਤ ਦੇ ਖਾਣੇ ਵਿੱਚ ਸ਼ਾਮਲ ਹੋਣ ਵਿੱਚ ਰੁੱਝੇ ਵਿਖਾਈ ਦਿੱਤੇ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 4 ਜੁਲਾਈ ਨੂੰ ਹਾਈ ਅਲਰਟ ਦੇ ਮੱਦੇਨਜ਼ਰ ਜੇਕਰ ਮੁੱਖ ਮੰਤਰੀ ਨੇ ਕੁਝ ਸਾਵਧਾਨੀਆਂ ਵਰਤੀਆਂ ਹੁੰਦੀਆਂ ਤਾਂ ਪੰਜਾਬ ਦੀ ਇਹ ਹਾਲਤ ਨਾ ਹੁੰਦੀ।
ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਪੰਜਾਬ ਲਈ ਭੱਦਾ ਮਜ਼ਾਕ ਸਾਬਤ ਹੋ ਰਹੀ ਹੈ ਕਿਉਂਕਿ ਉਹ ਹੜ੍ਹ ਵਰਗੀ ਗੰਭੀਰ ਸਥਿਤੀ ਨੂੰ ਗੰਭੀਰਤਾ ਨਾਲ ਲਏ ਬਿਨਾਂ ਸੈਲਫੀ ਲੈਣ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੰਜਾਬ ਵੱਲ ਕੋਈ ਧਿਆਨ ਨਹੀਂ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਹਮੇਸ਼ਾ ਦਿੱਲੀ ਵੱਲ ਝਾਕਦਾ ਰਹਿੰਦਾ ਹੈ ਅਤੇ ਉਥੋਂ ਹਾਈਕਮਾਂਡ ਦੀਆਂ ਹਦਾਇਤਾਂ ਦੀ ਉਡੀਕ ਕਰਦਾ ਹੈ।
ਮਾਨ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਭੁੱਲ ਚੁੱਕੀ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਭ੍ਰਿਸ਼ਟਾਚਾਰ ਖਤਮ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ। ਅਕਾਲੀ ਦਲ ਨਾਲ ਗਠਜੋੜ ‘ਤੇ ਸਵਾਲਾਂ ਨੂੰ ਟਾਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਜੋ ਸੂਬੇ ਵਿੱਚ ਸਿਰਫ਼ 23 ਸੀਟਾਂ ਤੱਕ ਸੀਮਤ ਸੀ, ਹੁਣ 117 ਸੀਟਾਂ ‘ਤੇ ਚੋਣ ਲੜੇਗੀ।