ਚੰਡੀਗੜ੍ਹ 21 ਅਕਤੂਬਰ 2022: ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਅੱਜ ਹੋਈ ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ ਕਿਉਂਕਿ ਪੰਜਾਬ ਦਾ ਹਰ ਵਰਗ ਕਾਫੀ ਸਮੇਂ ਤੋਂ ਮਾੜੀਆਂ ਸਰਕਾਰਾਂ ਕਾਰਨ ਕਾਲੀ ਦੀਵਾਲੀ ਮਨਾ ਰਿਹਾ ਸੀ। ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਸਾਰੇ ਮੁਲਾਜ਼ਮ 6 ਫੀਸਦੀ ਡੀਏ ਦੀ ਮੰਗ ਕਰ ਰਹੇ ਸਨ, ਜਿਸ ‘ਤੇ 200 ਕਰੋੜ ਰੁਪਏ ਹੋਰ ਖਰਚ ਹੋਣਗੇ।
ਕਰਮਚਾਰੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਪੁਰਾਣੀ ਪੈਨਸ਼ਨ ਸਕੀਮ ਅੱਜ ਤੋਂ ਲਾਗੂ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਸਾਰੇ ਧਾਰਮਿਕ ਸਥਾਨਾਂ ਦੇ ਸਬੰਧ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਧਰਮ ਗ੍ਰੰਥਾਂ ਨੂੰ ਲਿਜਾਣ ਵਾਲੇ ਸਾਰੇ ਵਾਹਨਾਂ ਨੂੰ ਟੈਕਸ ਤੋਂ ਛੋਟ ਦਿੱਤੀ ਜਾਵੇਗੀ। ਜਿਸ ਕਾਰਨ ਸਰਕਾਰ ਦਾ ਕਰੀਬ 25 ਕਰੋੜ ਰੁਪਏ ਖਰਚ ਹੋਵੇਗਾ।