Manpreet Kaur

ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਪਿੰਡ ਹਮੀਦੀ ਪੁੱਜੀ, ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ

ਬਰਨਾਲਾ, 21 ਅਗਸਤ, 2023: ਬਰਨਾਲਾ ਦੇ ਪਿੰਡ ਹਮੀਦੀ ਦੀ ਮਨਪ੍ਰੀਤ ਕੌਰ (Manpreet Kaur) ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ ਹੈ, 10 ਦਿਨ ਪਹਿਲਾਂ ਮਨਪ੍ਰੀਤ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕੇਂਦਰ ਸਰਕਾਰ ਅਤੇ ਵਿਦੇਸ਼ ਵਸਦੇ ਪੰਜਾਬੀਆਂ ਅਤੇ ਹੋਰਨਾਂ ਦੀ ਯਤਨਾਂ ਸਦਕਾ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ 10 ਦਿਨਾਂ ਵਿੱਚ ਪਿੰਡ ਪਹੁੰਚ ਸਕੀ ਹੈ ।

ਮ੍ਰਿਤਕ ਦੇਹ ਲਿਆਉਣ ਲਈ ਪਰਿਵਾਰ ਦਾ ਸਾਥ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਦਾਨ ਫੰਡ ਮੁਹਿੰਮ ਦੀ ਸ਼ੁਰੂਆਤ ਕੀਤੀ, ਇਸ ਦਾਨ ਫੰਡ ਨਾਲ ਮ੍ਰਿਤਕ ਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਜਾ ਸਕੇ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ, ਅੰਤਿਮ ਸਸਕਾਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਪਰਿਵਾਰ ਅਤੇ ਕਿਸਾਨ ਆਗੂਆਂ ਨੇ ਮਨਪ੍ਰੀਤ ਦੀ ਲਾਸ਼ ਪਿੰਡ ਲਿਆਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਮਨਪ੍ਰੀਤ ਕੌਰ (Manpreet Kaur) ਦੇ ਪਿਤਾ ਕੇਵਲ ਸਿੰਘ ਅਤੇ ਸੁਮਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅੱਜ ਉਸ ਦੀ ਧੀ ਦੀ ਮ੍ਰਿਤਕ ਦੇਹ ਕੁਝ ਦਿਨਾਂ ਬਾਅਦ ਕੈਨੇਡਾ ਤੋਂ ਪਿੰਡ ਲਿਆਂਦੀ ਗਈ ਹੈ। ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਲਈ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਭਰਪੂਰ ਸਹਿਯੋਗ ਦਿੱਤਾ ਅਤੇ ਪਰਿਵਾਰ ਦਾ ਹਰ ਤਰ੍ਹਾਂ ਨਾਲ ਸਹਿਯੋਗ ਕੀਤਾ।

ਭਾਰਤੀ ਦੂਤਾਵਾਸ ਵੱਲੋਂ ਸਮੇਂ-ਸਮੇਂ ‘ਤੇ ਸਾਡੇ ਨਾਲ ਸੰਪਰਕ ਕੀਤਾ ਜਾਂਦਾ ਰਿਹਾ ਹੈ। ਅੱਜ ਵੀ ਜਦੋਂ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਵਿਦੇਸ਼ ਮੰਤਰਾਲੇ ਤੋਂ ਫੋਨ ਆਇਆ। ਜਿਸ ਲਈ ਉਹ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਮਨਪ੍ਰੀਤ ਦੀ ਦੇਹ ਲਿਆਉਣ ਲਈ ਇੱਕ ਫੰਡ ਮੁਹਿੰਮ ਸ਼ੁਰੂ ਕੀਤੀ ਗਈ ਸੀ । ਇਸ ਫੰਡ ਨਾਲ ਉਹ ਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਜਾ ਸਕਿਆ ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੀ ਸਥਿਤੀ ਬਹੁਤੀ ਚੰਗੀ ਨਹੀਂ ਹੈ। ਵਿਦੇਸ਼ਾਂ ਵਿੱਚ ਸਿਹਤ ਸਹੂਲਤਾਂ ਵੀ ਨਹੀਂ ਹਨ, ਹਲਾਤ ਉਸ ਦੇ ਉਲਟ ਸਨ ਜੋ ਸਾਨੂੰ ਦੱਸਿਆ ਜਾ ਰਿਹਾ ਹੈ। ਬੱਚਿਆਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ। ਨਵੇਂ ਆਏ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰਨਾ ਪੈਂਦਾ ਹੈ। ਜਿਸ ਕਾਰਨ ਨੌਜਵਾਨ ਤਣਾਅ ਵਿਚ ਚਲਾ ਜਾਂਦਾ ਹੈ, ਜਿਸ ਕਾਰਨ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਅਤੇ ਪੰਜਾਬ ਸਰਕਾਰ ਦੇਸ਼ ਦੇ ਹਲਾਤ ਠੀਕ ਨਹੀਂ ਕਰ ਰਹੀ। ਜੇਕਰ ਸਾਡੇ ਬੱਚਿਆਂ ਨੂੰ ਇੱਥੇ ਰੁਜ਼ਗਾਰ ਮਿਲ ਜਾਵੇ ਤਾਂ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ।

ਇਸ ਮੌਕੇ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਅੱਜ ਬੜੇ ਦੁੱਖ ਦੀ ਗੱਲ ਹੈ ਕਿ ਚੰਗੇ ਭਵਿੱਖ ਲਈ ਵਿਦੇਸ਼ ਭੇਜੀ ਗਈ ਲੜਕੀ ਲਾਸ਼ ਬਣ ਕੇ ਘਰ ਪਰਤ ਆਈ ਹੈ। ਇਹ ਦੁੱਖ ਪਰਿਵਾਰ ਲਈ ਅਸਹਿ ਹੈ। ਉਨ੍ਹਾਂ ਕਿਹਾ ਕਿ ਹਰ ਪਾਸੇ ਹਲਾਤ ਖਰਾਬ ਹਨ। ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਬਜਾਏ ਇੱਥੋਂ ਦੇ ਮਾੜੇ ਸਿਸਟਮ ਵਿਰੁੱਧ ਲੜਨਾ ਚਾਹੀਦਾ ਹੈ।

Scroll to Top