ਚੰਡੀਗੜ੍ਹ, 12 ਜਨਵਰੀ 2024: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਨਾਭਾ ਜੇਲ੍ਹ ਵਿੱਚ ਬੰਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਅੱਜ ਸੀਨੀਅਰ ਕਾਂਗਰਸੀ ਆਗੂਆਂ ਨੇ ਸੁਖਪਾਲ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ ‘ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਖਹਿਰਾ ਸਮੇਤ ਕਈ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ |
ਇਸ ਮੁਲਾਕਾਤ ਤੋਂ ਬਾਅਦ ਪਾਰਟੀ ਇੰਚਾਰਜ ਦਵਿੰਦਰ ਯਾਦਵ ਨੇ ਕਿਹਾ ਕਿ ਸਾਡੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਕਿਉਂਕਿ ਜਦੋਂ ਉਸ ਨੂੰ ਇੱਕ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਤਾਂ ਸਰਕਾਰ ਨੇ ਉਸ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਸਾਡੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅੱਜ ਜਿਸ ਤਰ੍ਹਾਂ ਛੋਟੇ-ਵੱਡੇ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ।