ਚੰਡੀਗੜ੍ਹ, 14 ਜੂਨ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਆਪਣੇ ਇਕ ਬਿਆਨ ਕਾਰਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਕਰਨਾਟਕ ਕਾਂਗਰਸ ਦਾ ਇਕ ਇਸ਼ਤਿਹਾਰ ਫਿਰ ਤੋਂ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧਾ ਸਕਦਾ ਹੈ। ਕਰਨਾਟਕ ਦੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਨੋਟਿਸ ਭੇਜਿਆ ਹੈ। ਅਦਾਲਤ ਨੇ ਰਾਹੁਲ ਤੋਂ ਇਲਾਵਾ ਮੁੱਖ ਮੰਤਰੀ ਸਿਧਾਰਮਈਆ, ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਨੂੰ ਨੋਟਿਸ ਭੇਜਿਆ ਹੈ।
ਚੁਣੇ ਗਏ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ/ਵਿਧਾਇਕਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਨਾਲ ਨਜਿੱਠਣ ਵਾਲੀ ਵਿਸ਼ੇਸ਼ ਅਦਾਲਤ ਨੇ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਨਹਾਨੀ) ਅਤੇ 500 (ਮਾਨਹਾਨੀ ਦੀ ਸਜ਼ਾ) ਦੇ ਤਹਿਤ ਅਪਰਾਧਾਂ ਦਾ ਨੋਟਿਸ ਲਿਆ ਹੈ। ਉਨ੍ਹਾਂ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ 27 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਬੰਧ ਵਿਚ ਸਾਰਿਆਂ ਨੂੰ ਮੰਗਲਵਾਰ ਨੂੰ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਪੂਰਾ ਮਾਮਲਾ ਹੈ |
9 ਮਈ ਨੂੰ ਸੂਬਾ ਸਕੱਤਰ ਐਸ ਕੇਸ਼ਵਪ੍ਰਸਾਦ ਨੇ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਗੂਆਂ ਨੇ ਭਾਜਪਾ ਦੇ ਅਕਸ ਨੂੰ ਖ਼ਰਾਬ ਕਰਨ ਲਈ ਇਸ਼ਤਿਹਾਰ ਜਾਰੀ ਕੀਤੇ ਹਨ। ਇਸ ਵਿੱਚ ਭਾਜਪਾ ਬਾਰੇ ਝੂਠੇ ਦਾਅਵੇ ਕੀਤੇ ਗਏ ਸਨ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਸ ਸਾਲ 5 ਮਈ ਨੂੰ ਅਖਬਾਰਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਤਤਕਾਲੀ ਭਾਜਪਾ ਸਰਕਾਰ 40 ਫੀਸਦੀ ਭ੍ਰਿਸ਼ਟਾਚਾਰ ਵਿਚ ਲਿਪਤ ਸੀ ਅਤੇ 1.5 ਲੱਖ ਕਰੋੜ ਰੁਪਏ ਦੀ ਲੁੱਟ ਹੋਈ ਸੀ।