July 1, 2024 12:13 am
Parkash Singh Badal

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ PM ਮੋਦੀ, CM ਮਾਨ ਸਮੇਤ ਕਈ ਸਿਆਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 95 ਸਾਲ ਦੀ ਉਮਰ ਵਿੱਚ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਕਿਰਨ ਰਿਜਿਜੂ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ |

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਹੁਤ ਹੀ ਦੁਖੀ ਹੋਇਆ ਹਾਂ । ਉਹ ਭਾਰਤੀ ਰਾਜਨੀਤੀ ਦੀ ਇੱਕ ਮਹਾਨ ਹਸਤੀ ਸਨ ਅਤੇ ਇੱਕ ਵੱਡਾ ਰਾਜਨੇਤਾ ਸਨ, ਉਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਦਿੱਤਾ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਕਠਿਨ ਸਮੇਂ ਵਿੱਚ ਰਾਜ ਨੂੰ ਸਹਾਰਾ ਦਿੱਤਾ |

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਨਾਥ ਸਿੰਘ ਨੇ ਟਵਿੱਟਰ ‘ਤੇ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਇੱਕ ਸਿਆਸੀ ਦਿੱਗਜ ਸਨ ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ। ਆਪਣੇ ਲੰਬੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ, ਉਨ੍ਹਾਂ ਨੇ ਕਿਸਾਨਾਂ ਅਤੇ ਸਾਡੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਹੁਤ ਸਾਰੇ ਕਮਾਲ ਦੇ ਕੰਮ ਕੀਤੇ।

ਬਾਦਲ ਸਾਹਿਬ ਮਿੱਟੀ ਦੇ ਪੁੱਤਰ ਸਨ, ਜੋ ਸਾਰੀ ਉਮਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ। ਮੈਨੂੰ ਉਨ੍ਹਾਂ ਨਾਲ ਕਈ ਮੁੱਦਿਆਂ ‘ਤੇ ਹੋਈ ਗੱਲਬਾਤ ਯਾਦ ਹੈ। ਮੈਂ ਉਨ੍ਹਾਂ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਮੌਤ ਮੇਰੇ ਲਈ ਨਿੱਜੀ ਘਾਟਾ ਹੈ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਦਿੱਗਜ ਆਗੂ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਉਨ੍ਹਾਂ ਨੂੰ ਦੁੱਖ ਹੋਇਆ ਹੈ। ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਵਿਛੜੀ ਆਤਮਾ ਨੂੰ ਸ਼ਾਂਤੀ ਮਿਲੇ। ਪੰਜਾਬ ਦੀ ਸਿਆਸਤ ਵਿੱਚ ਉਸ ਦਾ ਖਲਾਅ ਭਰਨਾ ਮੁਸ਼ਕਲ ਹੋਵੇਗਾ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਦਿੱਗਜ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਮੈਨੂੰ ਸਦਮਾ ਲੱਗਾ ਹੈ। ਉਹ ਆਪਣੇ ਆਪ ਵਿੱਚ ਇੱਕ ਸੰਸਥਾ ਸੀ ਅਤੇ ਸਿਆਸਤਦਾਨਾਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਸੀ। ਪੰਜਾਬ ਅਤੇ ਪੰਜਾਬੀਅਤ ਲਈ ਉਨ੍ਹਾਂ ਦਾ ਯੋਗਦਾਨ ਪ੍ਰੇਰਨਾ ਸਰੋਤ ਰਹੇਗਾ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ।

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਿਆਸੀ ਆਗੂ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਨਾ ਪੂਰਿਆ ਜਾ ਸਕਣ ਵਾਲੇ ਘਾਟੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਪਰਿਵਾਰ ਲਈ ਸਗੋਂ ਪੂਰੇ ਸੂਬੇ ਅਤੇ ਪੂਰੇ ਦੇਸ਼ ਲਈ ਘਾਟਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਦਾਰ ਬਾਦਲ ਇੱਕ ਉੱਚੇ-ਸੁੱਚੇ ਆਗੂ ਸਨ, ਜਿਨ੍ਹਾਂ ਦਾ ਸਾਰੇ ਸੂਬਿਆਂ ਅਤੇ ਪਾਰਟੀਆਂ ਵਿੱਚ ਸਤਿਕਾਰ ਕੀਤਾ ਜਾਂਦਾ ਸੀ। ਉਸ ਦੀ ਗੈਰ-ਹਾਜ਼ਰੀ ਲੰਮੇ ਸਮੇਂ ਤੱਕ ਮਹਿਸੂਸ ਕੀਤੀ ਜਾਵੇਗੀ ਅਤੇ ਜੋ ਖਲਾਅ ਪੈਦਾ ਹੋ ਗਿਆ ਹੈ, ਉਸ ਨੂੰ ਭਰਨਾ ਮੁਸ਼ਕਲ ਹੋਵੇਗਾ।