Fazlika News

ਫਾਜ਼ਿਲਕਾ ‘ਚ ਕਈਂ ਸਖ਼ਤ ਪਾਬੰਦੀਆਂ ਦੇ ਹੁਕਮ, ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ

ਫਾਜ਼ਿਲਕਾ, 01 ਜੁਲਾਈ 2025: Fazilka News: ਫਾਜ਼ਿਲਕਾ ‘ਚ ਜ਼ਿਲ੍ਹਾ ਪ੍ਰਸ਼ਾਸਨ ਨੇ ਕਈਂ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਫਾਜ਼ਿਲਕਾ ਦੇ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਦੁਆਰਾ ਜਨਹਿੱਤ ‘ਚ ਹੁਕਮ ਜਾਰੀ ਕੀਤੇ ਗਏ ਹਨ | ਇਹ ਪਾਬੰਦੀਆਂ ਦੇ ਹੁਕਮ ਅਗਲੇ ਮਹੀਨੇ 31 ਅਗਸਤ 2025 ਤੱਕ ਲਾਗੂ ਰਹਿਣਗੇ।

ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸਭ ਤੋਂ ਪਹਿਲਾਂ ਵਾਤਾਵਰਣ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਪਲਾਸਟਿਕ ‘ਤੇ ਸਖ਼ਤੀ ਕੀਤੀ ਹੈ। ਹੁਣ ਜ਼ਿਲ੍ਹੇ ‘ਚ 50 ਮਾਈਕਰੋਨ ਤੋਂ ਘੱਟ ਮੋਟਾਈ ਵਾਲੇ, 8×13 ਆਕਾਰ ਤੋਂ ਛੋਟੇ ਅਤੇ ਨਿਰਧਾਰਤ ਰੰਗ ਤੋਂ ਬਿਨਾਂ ਪਲਾਸਟਿਕ ਦੇ ਥੈਲੇ ਬਣਾਉਣ ਜਾਂ ਵਰਤਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਫਾਜ਼ਿਲਕਾ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡਾਂ ਅਤੇ ਬੀਪੀਓ (ਸਰਹੱਦੀ ਚੌਕੀਆਂ) ਦੇ ਆਲੇ-ਦੁਆਲੇ ਆਮ ਲੋਕਾਂ ਦੀ ਆਵਾਜਾਈ ਨੂੰ ਵੀ ਕੰਟਰੋਲ ਕੀਤਾ ਗਿਆ ਹੈ। ਹੁਣ ਇਨ੍ਹਾਂ ਖੇਤਰਾਂ ‘ਚ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਤਰ੍ਹਾਂ ਦੀ ਆਵਾਜਾਈ ‘ਤੇ ਪਾਬੰਦੀ ਹੋਵੇਗੀ।

ਜ਼ਿਲ੍ਹੇ ‘ਚ ਕੋਬਰਾ ਜਾਂ ਕੰਡਿਆਲੀਆਂ ਤਾਰਾਂ ਦੀ ਖਰੀਦ, ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ, ਆਮ ਨਾਗਰਿਕ ਹੁਣ ਫੌਜੀ ਪੇਂਟ ਜਾਂ ਫੌਜੀ ਵਰਦੀ ਵਰਗੇ ਦਿਖਾਈ ਦੇਣ ਵਾਲੇ ਪਹਿਰਾਵੇ ਵਾਲੇ ਵਾਹਨਾਂ ਦੀ ਵਰਤੋਂ ਨਹੀਂ ਕਰ ਸਕਣਗੇ। ਇਹ ਪਾਬੰਦੀ ਸੁਰੱਖਿਆ ਦੇ ਮੱਦੇਨਜ਼ਰ ਲਗਾਈ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੁਆਰਾ ਉਨ੍ਹਾਂ ਦੀ ਦੁਰਵਰਤੋਂ ਨਾ ਕੀਤੀ ਜਾ ਸਕੇ।

ਫਾਜ਼ਿਲਕਾ ਸਬ-ਜੇਲ੍ਹ ਦੇ 500 ਵਰਗ ਮੀਟਰ ਦੇ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਨਾਲ ਜੇਲ੍ਹ ਸੁਰੱਖਿਆ ਅਤੇ ਆਲੇ ਦੁਆਲੇ ਦੇ ਖੇਤਰ ‘ਚ ਨਿਗਰਾਨੀ ਮਜ਼ਬੂਤ ​​ਹੋਵੇਗੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਪਾਬੰਦੀਆਂ ਦਾ ਉਦੇਸ਼ ਜ਼ਿਲ੍ਹੇ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ​​ਕਰਨਾ, ਸਰਹੱਦ ਪਾਰ ਤੋਂ ਸ਼ੱਕੀ ਗਤੀਵਿਧੀਆਂ ਨੂੰ ਰੋਕਣਾ ਅਤੇ ਵਾਤਾਵਰਣ ਦੀ ਰੱਖਿਆ ਕਰਨਾ ਹੈ।

ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਅਜਿਹੀ ਸਥਿਤੀ ‘ਚ ਫਾਜ਼ਿਲਕਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਸਹਿਯੋਗ ਕਰਨ।

Read More: ਫਾਜ਼ਿਲਕਾ ‘ਚ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਛੇ ਨੌਜਵਾਨ ਖਿੜਕੀ ਤੋੜ ਕੇ ਫ਼ਰਾਰ

Scroll to Top