Police Line Fazilka

ਸ਼ਹੀਦ ਸਾਡੇ ਸੂਬੇ ਤੇ ਦੇਸ਼ ਦਾ ਸਰਮਾਇਆ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ 21 ਅਕਤੂਬਰ 2022: ਪੁਲਿਸ ਲਾਈਨ ਫਾਜ਼ਿਲਕਾ (Police Line Fazilka) ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਸ਼ਰਧਾ ਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ। ਇਸ ਦੌਰਾਨ ਐੱਸ ਪੀ ਹੈੱਡਕੁਆਰਟਰ ਮੋਹਨ ਲਾਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।

ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।

ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ

May be an image of 5 people

ਉਨ੍ਹਾਂ ਕਿਹਾ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਨੂੰ ਸ਼ਹੀਦਾਂ ਦੀ ਧਰਤੀ ਤੇ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਐਸ.ਐਸ.ਪੀ ਭੁਪਿੰਦਰ ਸਿਘ ਨੇ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।

ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਅੱਤਵਾਦ ਦੌਰਾਨ ਫਾਜ਼ਿਲਕਾ ਪੁਲਿਸ ਦਾ 1 ਏ.ਐੱਸ.ਆਈ, 5 ਸਿਪਾਹੀ ਅਤੇ 5 ਪੀ.ਐੱਚ.ਜੀ ਸ਼ਹੀਦ ਹੋਏ ਸਨ ਜਿਨ੍ਹਾਂ ਨੇ ਦੇਸ਼ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਇਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਵੱਲੋ ਹਰ ਕਦਮ ‘ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਹਮੇਸ਼ਾ ਤਤਪਰ ਹੈ। ਇਸ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪ੍ਰਣ ਲਿਆ ਗਿਆ ਕਿ ਸ਼ਹੀਦ ਕਰਮਚਾਰੀਆਂ ਦੀ ਕੁਰਬਾਨੀਆਂ ਦੇ ਰਾਹ ’ਤੇ ਚਲਦੇ ਹੋਏ ਦੇਸ਼ ਅੰਦਰ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣਗੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਸੁਖਪਾਲ ਸਿੰਘ ਅਤੇ ਹੋਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Scroll to Top