ਤੀਸਰੇ ਰਾਊੱਡ ਦੌਰਾਨ 25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ
ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਕਰਵਾਇਆ ਜਾਵੇ ਟੀਕਾਕਰਨ
ਮਹਾਵੀਰ ਗਊਸ਼ਾਲਾ ਮਲੋਟ ਤੋਂ ਰਾਜ਼ ਪੱਧਰੀ ਮੁਹਿੰਮ ਦੀ ਹੋਈ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ 1 5 ਫਰਵਰੀ 2025: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ (Animal Husbandry Department Punjab) ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮਹਾਵੀਰ ਗਊਸ਼ਾਲਾ ਮਲੇਟ ਤੋਂ ਕੀਤੀ ਗਈ , ਜਿਸ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸਿੰਗ ਮੰਤਰੀ ਪੰਜਾਬ ਨੇ ਕੀਤਾ।
ਇਸ ਮੌਕੇ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ । ਕਰੋੜ 31 ਲੱਖ 25 ਹਜਾਰ ਰੁਪਏ ਦੀ ਲਾਗਤ ਨਾਲ ਲੰਪੀ ਸਕਿਨ ਬੀਮਾਰੀ ਦੀ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਘਰ—ਘਰ ਜਾ ਕੇ ਸੂਬੇ ਦੀਆਂ ਸਮੁੱਚੀਆਂ ਗਾਵਾਂ ਦਾ ਟੀਕਾਕਰਨ ਕਰਨਗੀਆਂ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੀ ਸਹੂਲੀਅਤ ਨੂੰ ਮੁੱਖ ਰੱਖਦੇ ਹੋਏ ਇਕ ਨਿਵੇਕਲੀ ਪਹਿਲ ਕਦਮੀ ਕਰਦੇ ਹੋਏ ਸੂਬੇ ਦੇ ਸਾਰੇ 22 ਵੈਟਨਰੀ ਪੋਲੀਕਲੀਨਿਕ ਅਤੇ 97 ਤਹਿਸੀਲ ਪੱਧਰ ਦੇ ਹਸਪਤਾਲਾਂ ਵਿੱਚ ਪਸ਼ੂਆਂ ਨੂੰ ਸੱਪ ਦੇ ਕੱਟਣ ਤੇ ਮੁਫਤ ਇਲਾਜ ਲਈ ਦਵਾਈ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਤੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਦੇ ਨਾਲ—ਨਾਲ ਖੇਤੀਬਾੜੀ ਨਾਲ ਜੁੜੇ ਸਹਾਇਕ ਧੰਦਿਆਂ ਪਸ਼ੂ ਪਾਲਣ, ਘੋੜੇ ਘੋੜੀਆਂ ਪਾਲਣ, ਮੁਰਗੀ ਪਾਲਣ, ਸੂਰ ਪਾਲਣ ਅਤੇ ਬਾਗਬਾਨੀ ਵਰਗੇ ਕਿੱਤਿਆਂ ਨੂੰ ਜਰੂਰਤ ਅਪਨਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਬੀਮਾਰੀ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਦਾ ਪੋਸਟਰ ਵੀ ਰਲੀਜ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਟੀਕਾਕਰਨ ਕਰਵਾਇਆ ਜਾਵੇ।
ਇਸ ਮੌਕੇ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਟੀਕਾਕਰਨ ਨਾਲ ਪਸ਼ੂਆਂ ਦੀ ਸਿਹਤ ਉਪਰ ਕੋਈ ਵੀ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊਂ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
Read More: ਸਰਕਾਰੀ ਮੱਛੀ ਤਲਾਬ ਫਾਰਮਾਂ ਤੋਂ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੀਆਂ ਕੀਤੀਆਂ ਜਾ ਰਹੀਆਂ ਮੱਛੀਆਂ ਪੈਦਾ : ਖੁੱਡੀਆਂ