ਪਟਿਆਲਾ, 19 ਸਤੰਬਰ 2025: ਪਟਿਆਲਾ ਦੇ ਕਾਲੀ ਮਾਤਾ ਮੰਦਿਰ (Kali Mata Temple) ਵਿਖੇ 22 ਸਤੰਬਰ ਨੂੰ ਸ਼ੁਰੂ ਹੋ ਰਹੇ ਅੱਸੂ ਦੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਸਮੇਤ ਹੋਰ ਸਾਰੇ ਪ੍ਰਬੰਧ ਜੰਗੀ ਪੱਧਰ ‘ਤੇ ਜਾਰੀ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਵਰੁਣ ਸ਼ਰਮਾ, ਸੀ.ਈ.ਓ ਤੇ ਏ.ਡੀ.ਸੀ. ਸਿਮਰਪ੍ਰੀਤ ਕੌਰ ਸਮੇਤ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਨੇ ਮੰਦਿਰ ਵਿਖੇ ਇੱਕ ਉਚ ਪੱਧਰੀ ਬੈਠਕ ਕੀਤੀ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਵਿੱਤਰ ਮੰਦਿਰ ਦੇ ਆਲੇ-ਦੁਆਲੇ ਸਾਫ਼ ਸਫ਼ਾਈ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਲਈ ਟੁਆਇਲਟ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਸ਼ਰਧਾਲੂਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਤਿਉਹਾਰ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਮੰਦਿਰ ‘ਚ ਪੁੱਜਣ ਵਾਲੇ ਆਮ ਸ਼ਰਧਾਲੂਆਂ ਸਮੇਤ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲੰਗਰ ਤੇ ਭੰਡਾਰੇ, ਪੀਣ ਵਾਲੇ ਪਾਣੀ, ਬਾਥਰੂਮ, ਸਾਫ਼ ਸਫ਼ਾਈ ਆਦਿ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖ਼ਤਾ ਇੰਤਜਾਮ ਕੀਤੇ ਜਾਣਗੇ।
ਐਸ.ਐਸ.ਪੀ ਵਰੁਣ ਸ਼ਰਮਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ।ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਮੁਲਾਜਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਮਾੜੇ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ, ਉਥੇ ਹੀ ਆਮ ਸ਼ਰਧਾਲੂਆਂ ਨਾਲ ਪਿਆਰ ਨਾਲ ਪੇਸ਼ ਆਇਆ ਜਾਵੇ।
ਏਡੀਸੀ (ਜ) ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਸ਼ਾਰਦੀਆ ਨਵਰਾਤਰੀ ਅੱਸੂ ਦੇ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਦੀ ਸ਼ੁਰੂਆਤ 22 ਸਤੰਬਰ ਤੋਂ ਹੋ ਰਹੀ ਹੈ ਅਤੇ ਇਸ ਦੌਰਾਨ ਦੁਰਗਾ ਮਾਂ ਦੇ ਨੌ ਰੂਪਾਂ ਦੀ ਵਿਧੀ ਵਿਧਾਨ ਨਾਲ ਅਰਾਧਨਾ ਕੀਤੀ ਜਾਂਦੀ ਹੈ, ਜਿਸ ਲਈ ਪ੍ਰਬੰਧ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ।
ਮੰਦਿਰ ਦੀ ਉੱਚ ਪੱਧਰੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ ਨੇ ਦੱਸਿਆ ਕਿ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸ਼ਰਧਾਲੂਆਂ ਲਈ ਬਣੀ ਨਵੀਂ ਇਮਾਰਤ ਲੰਮੇ ਸਮੇਂ ਤੋਂ ਬੰਦ ਪਈ ਸੀ, ਉਸ ਨੂੰ ਸਾਫ਼ ਕਰਵਾ ਕੇ ਖੋਲ੍ਹ ਦਿੱਤਾ ਗਿਆ ਹੈ ਅਤੇ ਇੱਥੇ ਲੱਗੀ ਲਿਫਟ ਵੀ ਚਾਲੂ ਕਰਵਾ ਦਿੱਤੀ ਗਈ ਹੈ।
ਅਲੀਪੁਰੀਆ ਨੇ ਮੀਟਿੰਗ ਦੌਰਾਨ ਸੁਰੱਖਿਆ ਦੀ ਜਿੰਮੇਵਾਰੀ ਨਿਭਾਉਣ ਵਾਲੇ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਉਹ ਬਹੁਤ ਹੀ ਨਿਮਰ ਰਹਿਕੇ ਸੇਵਾਵਾਂ ਨਿਭਾਉਣ ਤੇ ਹਰ ਸ਼ਰਧਾਲੂ ਨੂੰ ਬਹੁਤ ਹੀ ਪਿਆਰ ਨਾਲ ਮੰਦਿਰ ਦੇ ਅੰਦਰ ਤੇ ਬਾਹਰ ਅਤੇ ਮਾਤਾ ਦੇ ਭਵਨ ਵਿੱਚ ਪਿਆਰ ਦੇ ਨਾਲ ਅੱਗੇ ਵਧਾਈ ਜਾਣ ਤਾਂ ਕਿ ਭੀੜ ਨੂੰ ਸਹੀ ਢੰਗ ਨਾਲ ਨਿਯੰਤਰਤ ਕੀਤਾ ਜਾ ਸਕੇ।
Read More: ਪਟਿਆਲਾ ਵਿਖੇ ਅਸ਼ਟਮੀ ‘ਤੇ ਸ਼੍ਰੀ ਕਾਲੀ ਮਾਤਾ ਮੰਦਰ ‘ਚ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ