Meet Hayer

ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 15 ਨਵੰਬਰ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ।

ਮੀਤ ਹੇਅਰ (Meet Hayer) ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।

Scroll to Top