ਹਰਿਆਣਾ, 07 ਅਕਤੂਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਿੰਗਾਪੁਰ ਦੌਰੇ ਦੌਰਾਨ ਪੰਜਾਬ ਅਤੇ ਹਰਿਆਣਾ ਮੂਲ ਦੇ ਮੁੱਖ ਉਦਯੋਗਪਤੀਆਂ ਅਤੇ ਵਪਾਰਕ ਪ੍ਰਤੀਨਿਧੀਆਂ ਦੀ ਮਹੱਤਵਪੂਰਨ ਬੈਠਕ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ‘ਚ ਆਪਣੀ ਮਿਹਨਤ, ਪ੍ਰਤਿਭਾ ਅਤੇ ਉੱਦਮਤਾ ਦੇ ਬਲ ‘ਤੇ ਭਾਰਤੀ ਭਾਈਚਾਰਾ ਦੇਸ਼ ਦਾ ਮਾਣ ਵਧਾ ਰਿਹਾ ਹੈ। ਸਿੰਗਾਪੁਰ ਵਰਗੇ ਆਧੁਨਿਕ ਅਤੇ ਵਿਸ਼ਵ ਦੇ ਮੁੱਖ ਵਪਾਰਕ ਕੇਂਦਰ ‘ਚ ਭਾਰਤ ਦਾ ਪਰਚਮ ਲਹਿਰਾਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਮਿਹਨਤ ‘ਤੇ ਪੂਰੇ ਦੇਸ਼ ਨੂੰ ਮਾਣ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦਾ ਗਲੋਬਲ ਪੱਧਰ ‘ਤੇ ਪ੍ਰਾਪਤ ਤਜਰਬਾ ਅਤੇ ਮਾਹਰਤਾ ਭਾਰਤ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਹਰਿਆਣਾ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਦਾ ਲਾਭ ਚੁੱਕਣ ਅਤੇ ਸੂਬੇ ਦੀ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ ਦਾ ਸੱਦਾ ਦਿੱਤਾ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਗਾਪੁਰ ਨੇ ਸੀਮਤ ਭੂਗੋਲਿਕ ਖੇਤਰ ਅਤੇ ਸਰੋਤਾਂ ਦੇ ਬਾਵਜੂਦ ਦੂਰਅੰਦੇਸ਼ੀ ਆਰਥਿਕ ਨੀਤੀਆਂ, ਬਿਹਤਰ ਬੁਨਿਆਦੀ ਢਾਂਚੇ, ਸੁਸ਼ਾਸਨ ਅਤੇ ਕਾਨੂੰਨ-ਵਿਵਸਥਾ ਦੇ ਬਲ ‘ਤੇ ਆਪਣੇ ਆਪ ਨੂੰ ਵਿਸ਼ਵ ਦੇ ਮੁੱਖ ਵਪਾਰਕ ਅਤੇ ਆਰਥਿਕ ਕੇਂਦਰ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵੀ ਨਿਵੇਸ਼ਕਾਂ ਨੂੰ ਬਿਹਤਰ ਕਾਨੂੰਨ-ਵਿਵਸਥਾ, ਆਧੁਨਿਕ ਬੁਨਿਆਦੀ ਢਾਂਚਾ, ਸੁਸ਼ਾਸਨ ਅਤੇ ਉਦਯੋਗਾਂ ਲਈ ਅਨੁਕੂਲ ਮਾਹੌਲ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਾਰਤ ਨੇ ਪਿਛਲੇ ਸਾਲਾਂ ‘ਚ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਅੱਜ ਦੇਸ਼ ਵਿਕਸਿਤ ਭਾਰਤ ਦੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨੇ ਦੇਸ਼ ‘ਚ ਨਿਵੇਸ਼, ਬੁਨਿਆਦੀ ਢਾਂਚੇ, ਰੁਜ਼ਗਾਰ ਅਤੇ ਉੱਦਮਤਾ ਲਈ ਨਵੇਂ ਮੌਕੇ ਪੈਦਾ ਕੀਤੇ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕਰਤਾਰਪੁਰ ਲਾਂਘੇ (ਕੋਰੀਡੋਰ) ਦਾ ਨਿਰਮਾਣ ਇੱਕ ਮਹੱਤਵਪੂਰਨ ਪ੍ਰਾਪਤੀ ਹੈ, ਜਿਸ ਨੇ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਛਾ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵੀ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਦੇ ਹਿੱਤ ‘ਚ ਮਹੱਤਵਪੂਰਨ ਕਦਮ ਚੁੱਕਦਿਆਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕਰਨ ਦਾ ਕੰਮ ਕੀਤਾ ਹੈ।
ਹਰਿਆਣਾ ‘ਚ ਨਿਵੇਸ਼ ਲਈ ਅਨੁਕੂਲ ਮਾਹੌਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਅੱਜ ਦੇਸ਼ ਦੇ ਮੁੱਖ ਉਦਯੋਗਿਕ ਅਤੇ ਨਿਵੇਸ਼ ਕੇਂਦਰਾਂ ‘ਚ ਆਪਣੀ ਮਜ਼ਬੂਤ ਪਛਾਣ ਬਣਾ ਚੁੱਕਾ ਹੈ। ਸੂਬੇ ਦੀ ਭੂਗੋਲਿਕ ਸਥਿਤੀ, ਮਜ਼ਬੂਤ ਸੜਕ ਅਤੇ ਰੇਲ ਸੰਪਰਕ, ਕੁਸ਼ਲ ਮਾਨਵ ਸਰੋਤ, ਬਿਹਤਰ ਉਦਯੋਗਿਕ ਬੁਨਿਆਦੀ ਢਾਂਚਾ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਹਰਿਆਣਾ ਨੂੰ ਨਿਵੇਸ਼ ਲਈ ਆਕਰਸ਼ਕ ਕੇਂਦਰ ਬਣਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਸਪੱਸ਼ਟ ਟੀਚਾ ਹੈ ਕਿ ਉਦਯੋਗਾਂ ਨੂੰ ਕਾਰੋਬਾਰ ਲਈ ਅਨੁਕੂਲ ਮਾਹੌਲ ਉਪਲਬਧ ਕਰਵਾਇਆ ਜਾਵੇ ਅਤੇ ਨਿਵੇਸ਼ਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਪ੍ਰਵਾਸੀ ਉਦਯੋਗਪਤੀਆਂ ਨੂੰ ਹਰਿਆਣਾ ਦੀਆਂ ਨਿਵੇਸ਼ ਸੰਭਾਵਨਾਵਾਂ ਦਾ ਲਾਭ ਉਠਾਉਣ ਅਤੇ ਸੂਬੇ ਦੀ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੰਤ ਕਬੀਰ ਕੁਟੀਰ ਆਉਣ ਦਾ ਸੱਦਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਵਿੱਚ ਮੌਜੂਦ ਪੰਜਾਬ ਅਤੇ ਹਰਿਆਣਾ ਮੂਲ ਦੇ ਸਾਰੇ ਉਦਯੋਗਪਤੀਆਂ ਅਤੇ ਵਪਾਰਕ ਪ੍ਰਤੀਨਿਧੀਆਂ ਨੂੰ ਹਰਿਆਣਾ ਆਉਣ ਦਾ ਨਿੱਘਾ ਸੱਦਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ‘ਚ ਆਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਹਰਿਆਣਾ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਲਗਾਤਾਰ ਸੰਵਾਦ ਅਤੇ ਸਹਿਯੋਗ ਲਈ ਵਚਨਬੱਧ ਹੈ।
Read More: CM ਨਾਇਬ ਸੈਣੀ ਵੱਲੋਂ ਸਿੰਗਾਪੁਰ ਕੰਪਨੀਆਂ ਨਾਲ ਗੋਲਮੇਜ਼ ਕਾਨਫਰੰਸ ‘ਚ ਨਿਵੇਸ਼ ‘ਤੇ ਚਰਚਾ




