ਚੰਡੀਗੜ੍ਹ, 20 ਮਈ, 2024: ਜਿੱਥੇ ਇੱਕ ਪਾਸੇ ਕਾਂਗਰਸੀ (Congress) ਆਗੂ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪਾਰਟੀ ਆਲਾਕਮਾਨ ਵੀ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂ ਤੇ ਬੁਲਾਰੇ ਸੂਬੇ ਵਿੱਚ ਡੇਰੇ ਲਾਏ ਹੋਏ ਹਨ।
ਇਸ ਦੇ ਨਾਲ ਹੀ ਕਾਂਗਰਸ (Congress) ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਪੰਜਾਬ ਦਾ ਦੌਰਾ ਕੀਤਾ। ਉਨ੍ਹਾਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ, ਵਿਧਾਇਕਾਂ ਤੇ ਆਗੂਆਂ ਨਾਲ ਬੈਠਕ ਕਰਕੇ ਰਣਨੀਤੀ ਬਣਾਈ। ਇਸਦੇ ਨਾਲ ਹੀ ਸਾਰੀਆਂ ਸੀਟਾਂ ਦੀ ਫੀਡਬੈਕ ਵੀ ਲਈ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਅਗਲੇ ਦਸ ਦਿਨਾਂ ਦੀ ਮੁਹਿੰਮ ਹੁਣ ਇਸੇ ਆਧਾਰ ‘ਤੇ ਤੈਅ ਕੀਤੀ ਜਾਵੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਾਅਵਾ ਕੀਤਾ ਕਿ ਅਸੀਂ ਪੰਜਾਬ ਦੀਆਂ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹਾਂ।
ਕੇਸੀ ਵੇਣੂਗੋਪਾਲ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਬੈਠਕ ਕੀਤੀ। ਇਹ ਬੈਠਕ ਸ਼ਨੀਵਾਰ ਅਤੇ ਐਤਵਾਰ ਨੂੰ ਲਗਾਤਾਰ ਦੋ ਦਿਨ ਚਲਦੀ ਰਹੀ। ਇਹ ਤਿੰਨੋਂ ਸੀਟਾਂ ਇਸ ਵਾਰ ਗਰਮਾ ਰਹੀਆਂ ਹਨ ਕਿਉਂਕਿ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ, ਜਦਕਿ ਪਾਰਟੀ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ।