Kuldeep Singh Dhaliwal

ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ‘ਚ ਸਹਾਈ ਸਿੱਧ ਹੋਵੇਗੀ ਮੈਗਾ PTM: ਕੁਲਦੀਪ ਸਿੰਘ ਧਾਲੀਵਾਲ

ਮੋਹਾਲੀ, 22 ਅਕਤੂਬਰ 2024: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸਕੂਲ ਆਫ ਐਮੀਨੈਂਸ 3ਬੀ-1, ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਕਰਵਾਈ ਤੀਜੀ ਮੈਗਾ ਪੇਰੈਂਟਸ ਐਂਡ ਟੀਚਰਸ ਮੀਟ ‘ਚ ਸ਼ਿਰਕਤ ਕੀਤੀ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਸਹਿਯੋਗ ਇੱਕ ਹਾਂ-ਪੱਖੀ ਕਦਮ ਹੈ |

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਸਹਾਈ ਸਿੱਧ ਹੋਵੇਗਾ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਸਾਰੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ।

ਇਸਦੇ ਨਾਲ ਹੀ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਅਤੇ ਸਥਾਨਕ ਭਾਈਚਾਰੇ, ਸਰਕਾਰੀ ਨੁਮਾਇੰਦਿਆਂ, ਪੰਚਾਇਤ ਮੈਂਬਰਾਂ ਆਦਿ ਦੇ ਨਾਲ ਸਕੂਲਾਂ ਦੇ ਬਹੁ-ਆਯਾਮੀ ਵਿਕਾਸ ‘ਚ ਯੋਗਦਾਨ ਨੂੰ ਯਕੀਨੀ ਬਣਾਉਣ ਲਈ।

ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੈਗਾ ਪੀਟੀਐਮ (ਟੀਚਰ-ਪੇਰੈਂਟ ਮੀਟਿੰਗ) ਇਸੇ ਲੜੀ ਦਾ ਇੱਕ ਹਿੱਸਾ ਹੈ, ਕਿਉਂਕਿ ਇਸ ਮੌਕੇ ਮਾਪਿਆਂ ਨੂੰ ਸਿੱਖਿਆ ਪ੍ਰਣਾਲੀ ਨੂੰ ਸਮਝਣ ਅਤੇ ਸੁਝਾਅ ਦੇਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ‘ਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਦੀ 100 ਫੀਸਦੀ ਸ਼ਮੂਲੀਅਤ ਸੀ। ਇਸ ਮਾਤਾ-ਪਿਤਾ-ਅਧਿਆਪਕ ਮੀਟਿੰਗ ‘ਚ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਸਾਂਝਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਬਾਰੇ ਚਰਚਾ ਕੀਤੀ। ਆਉਣ ਵਾਲੀਆਂ ਘਰੇਲੂ ਅਤੇ ਸਾਲਾਨਾ ਪ੍ਰੀਖਿਆਵਾਂ ਲਈ ਘਰ ਅਤੇ ਸਕੂਲ ਵਿੱਚ ਵਧੀਆ ਮਾਹੌਲ ਅਤੇ ਤਾਲਮੇਲ ਬਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਪ੍ਰਦਰਸ਼ਨੀਆਂ, ਪੇਂਟਿੰਗਾਂ ਆਦਿ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

Scroll to Top