ਦਿੜ੍ਹਬਾ, 22 ਅਕਤੂਬਰ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ, ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਵਿਖੇ ਮੈਗਾ ਮਾਪੇ (Mega PTM) ਅਧਿਆਪਕ ਮਿਲਣੀ ਮੌਕੇ ਵਿਦਿਆਰਥੀਆਂ ਨੂੰ ਜੀਵਨ ‘ਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਹੋਰ ਉਚਾਈਆਂ ‘ਤੇ ਲਿਜਾਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਹਰ ਸਾਲ ਮੈਗਾ ਪੀ.ਟੀ.ਐਮ ਦਾ ਆਯੋਜਨ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ‘ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੈਗਾ ਪੀਟੀਐਮ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਥਾਂ ‘ਤੇ ਬੈਠ ਕੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੀ ਸਮੀਖਿਆ ਕਰਨ ‘ਚ ਵੀ ਸਹਾਈ ਸਿੱਧ ਹੋ ਰਿਹਾ ਹੈ।
ਉਨ੍ਹਾਂ (Harpal Singh Cheema) ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਪਾਰਕ ਖੇਤਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਦੇ ਕਾਰੋਬਾਰੀ ਬਣਨ ਲਈ ਸੇਧ ਦਿੱਤੀ ਜਾ ਰਹੀ ਹੈ ਅਤੇ ਅੱਜ ਦੇ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਉੱਦਮੀ ਹੁਨਰ ਨਾਲ ਤਿਆਰ ਕੀਤੇ ਉਤਪਾਦ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵਿੱਤ ਮੰਤਰੀ ਨੇ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਦੇਖਿਆ |
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਰਾਹੀਂ ਸਕੂਲਾਂ ਦੀਆਂ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਦੇ ਹੱਲ ਲਈ ਯੋਗ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਿਆ, ਖੇਡਾਂ, ਸੱਭਿਆਚਾਰ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਆਪਣਾ ਨਾਮ ਬਣਾਉਣ ਦੇ ਯੋਗ ਹੋਣਗੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਹਾਂ-ਪੱਖੀ ਉਪਰਾਲੇ ਕਰ ਰਹੀ ਹੈ ਅਤੇ ਸਕੂਲਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।