Site icon TheUnmute.com

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ: SGPC

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 10 ਅਗਸਤ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ।

ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਅਗਵਾਈ ਵਿਚ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਹੈ।

ਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇੱਥੇ ਰਹਿਣ ਵਾਲੇ ਹਰ ਇਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਰਿਹਾ ਹੈ। ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਸੇ ਵਿਤਕਰੇ ਭਰੇ ਰਵੱਈਏ ਕਰਕੇ ਹੀ ਸ਼੍ਰੋਮਣੀ ਕਮੇਟੀ ਨੇ 13 ਅਗਸਤ ਨੂੰ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

Exit mobile version