ਮੀਂਹ

ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 5 ਦਿਨ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਪੰਜਾਬ, 01 ਅਗਸਤ 2026: ਮੌਸਮ ਵਿਭਾਗ ਨੇ 01 ਅਗਸਤ ਤੋਂ ਅਗਲੇ 5 ਦਿਨਾਂ ਲਈ ਚੰਡੀਗੜ੍ਹ ਅਤੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ‘ਚ ਕਈ ਥਾਵਾਂ ‘ਤੇ ਹਲਕੀ ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਮੱਧ ਪ੍ਰਦੇਸ਼ ਅਤੇ ਵਿਦਰਭ ਉੱਤੇ ਘੱਟ ਦਬਾਅ ਵਾਲੇ ਖੇਤਰ ਦੇ ਕਾਰਨ, ਮਾਨਸੂਨ ਟ੍ਰਾਫ ਪੰਜਾਬ ਦੇ ਦੱਖਣੀ ਹਿੱਸੇ ਵੱਲ ਸਥਿਤ ਹੈ।

ਇਸਦੇ ਨਤੀਜੇ ਵਜੋਂ, ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ, ਪਰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ‘ਚ ਬਿਜਲੀ ਅਤੇ ਗਰਜ ਨਾਲ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਲਈ ਵੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਪਹਿਲੇ ਹਫ਼ਤੇ ਵਿੱਚ ਮਾਨਸੂਨ ਦੇ ਮੁੜ ਸੁਰਜੀਤ ਹੋਣ ਦੀ ਉਮੀਦ ਹੈ, ਜੋ ਜੁਲਾਈ ‘ਚ ਹੋਈ ਬਾਰਿਸ਼ ਦੀ ਘਾਟ ਨੂੰ ਕਾਫ਼ੀ ਹੱਦ ਤੱਕ ਪੂਰਾ ਕਰ ਸਕਦਾ ਹੈ। ਬਾਰਿਸ਼ ਕਾਰਨ ਤਾਪਮਾਨ ਘੱਟ ਜਾਵੇਗਾ ਅਤੇ ਰਾਤਾਂ ਸੁਹਾਵਣੀਆਂ ਰਹਿਣਗੀਆਂ, ਹਾਲਾਂਕਿ ਦਿਨ ਵੇਲੇ ਨਮੀ ਬਣੀ ਰਹਿ ਸਕਦੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਹੈ।

ਪੰਜਾਬ ਦੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ, ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਖਨਾ ਝੀਲ, ਸੁਖਨਾ ਕੈਚਮੈਂਟ ਏਰੀਆ ਅਤੇ ਘੱਗਰ ਨਦੀ ਦੇ ਨੇੜੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ।

Read More: Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ 3 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ

ਵਿਦੇਸ਼

Scroll to Top